ਨਵੀਂ ਦਿੱਲੀ, 31 ਜੁਲਾਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰੇਲਵੇ ਵਿਭਾਗ ਵਿੱਚ ਨੌਕਰੀ ਬਦਲੇ ਕਥਿਤ ਜ਼ਮੀਨ ਘੁਟਾਲੇ ਵਿੱਚ ਆਰਜੇਡੀ ਸੁਪਰੀਮੋ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪਰਿਵਾਰ ਅਤੇ ਹੋਰਾਂ ਖ਼ਿਲਾਫ਼ ਮਨੀ ਲਾਂਡਰਿੰਗ ਜਾਂਚ ਤਹਿਤ ਛੇ ਕਰੋੜ ਰੁਪਏ ਦੀਆਂ ਸੰਪਤੀਆਂ ਕੁਰਕ ਕੀਤੀਆਂ ਹਨ। ਈਡੀ ਨੇ ਅੱਜ ਇੱਕ ਬਿਆਨ ਵਿੱਚ ਦੱਸਿਆ ਕਿ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐਲਏ) ਤਹਿਤ ਛੇ ਅਚੱਲ ਜਾਇਦਾਦਾਂ ਕੁਰਕ ਕਰਨ ਦੇ ਆਰਜ਼ੀ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਸੰਪਤੀਆਂ ਵਿੱਚ ਪਟਨਾ, ਗਾਜ਼ੀਆਬਾਦ (ਉੱਤਰ ਪ੍ਰਦੇਸ਼) ਅਤੇ ਦੱਖਣੀ ਦਿੱਲੀ ਦੇ ਪੌਸ਼ ਇਲਾਕੇ ਦੀ ਨਿਊ ਫਰੈਂਡਜ਼ ਕਲੋਨੀ ਸਥਿਤ ਚਾਰ ਮੰਜ਼ਿਲਾ ਬੰਗਲਾ ਸ਼ਾਮਲ ਹਨ। ਉਧਰ, ਰਾਸ਼ਟਰੀ ਜਨਤਾ ਦਲ (ਆਰਜੇਡੀ) ਨੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਉਦੇਸ਼ ਵਿਰੋਧੀ ਧਿਰ ਦੇ ਗੱਠਜੋੜ ‘ਇੰਡੀਆ’ ਨੂੰ ਲੀਹੋ ਲਾਹੁਣਾ ਹੈ।