ਰੂਪਨਗਰ, 11 ਮਈ

ਨੰਗਲ ਦੇ ਸਕੂਲ ਦੇ 22 ਵਿਦਿਆਰਥੀਆਂ ਨੂੰ ਆਸਪਾਸ ਦੇ ਇਲਾਕੇ ਵਿੱਚ ਫੈਕਟਰੀ ’ਚੋਂ ਗੈਸ ਲੀਕ ਹੋਣ ਕਾਰਨ ਸਾਹ ਲੈਣ ਵਿੱਚ ਤਕਲੀਫ਼ ਹੋਣ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਕ ਬੱਚੇ ਦੀ ਹਾਲਤ ਗੰਭੀਰ ਹੋਣ ਕਾਰਕੇ ਉਸ ਨੂੰ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਕਿਹਾ ਕਿ 30 ਵਿਦਿਆਰਥੀਆਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਵਿੱਚੋਂ 22 ਨੂੰ ਦਾਖਲ ਕਰਵਾਇਆ ਗਿਆ, ਜਦਕਿ ਬਾਕੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਸਕੂਲ ਪ੍ਰਿੰਸੀਪਲ ਅਨੁਸਾਰ ਸਵੇਰੇ 7.45 ਵਜੇ ਦੇ ਕਰੀਬ ਕਈ ਵਿਦਿਆਰਥੀਆਂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਹੋਣ ਲੱਗੀ। ਸਕੂਲ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਅਤੇ ਪੀੜਤ ਸਾਰੇ ਵਿਦਿਆਰਥੀਆਂ ਨੂੰ ਹਸਪਤਾਲ ਲਿਜਾਇਆ ਗਿਆ। ਹਸਪਤਾਲ ਪੁੱਜੇ ਸਥਾਨਕ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖ਼ਲ ਸਾਰੇ ਵਿਦਿਆਰਥੀਆਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।