ਨਵੀਂ ਦਿੱਲੀ:ਵਿਰੋਧੀ ਪਾਰਟੀਆਂ ਦੀ ਪਟਨਾ ਵਿੱਚ 12 ਜੂਨ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਵਿਰੋਧੀ ਪਾਰਟੀਆਂ ਦੇ ਮੁੱਖ ਆਗੂ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਇਸ ਕਾਰਨ ਮੀਟਿੰਗ ਦੀ ਤਰੀਕ ਬਾਅਦ ਵਿੱਚ ਤੈਅ ਕੀਤੀ ਜਾਵੇਗੀ ਤਾਂ ਜੋ ਸਾਰੇ ਮੀਟਿੰਗ ਵਿੱਚ ਸ਼ਾਮਲ ਹੋ ਸਕਣ। ਸੂਤਰਾਂ ਮੁਤਾਬਿਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਡੀਐਮਕੇ ਆਗੂ ਤੇ ਤਮਿਲ ਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਵੀ 12 ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਅਸਮਰੱਥਾ ਜ਼ਾਹਰ ਕੀਤੀ। ਗਾਂਧੀ ਮੌਜੂਦਾ ਸਮੇਂ ਅਮਰੀਕਾ ਵਿੱਚ ਹਨ। ਜ਼ਿਕਰਯੋਗ ਹੈ ਕਿ ਵਿਰੋਧੀ ਪਾਰਟੀਆਂ ਨੂੰ ਇਕ ਮੰਚ ’ਤੇ ਲਿਆਉਣ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਚੁੱਕੀ ਹੋਈ ਹੈ।