ਅੰਮ੍ਰਿਤਸਰ, 24 ਨਵੰਬਰ,ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੀ ਪ੍ਰਧਾਨਗੀ ਦੇ ਮਾਮਲੇ ਨੂੰ ਇੱਕ ਵਾਰ ਮੁੜ ਪਟਨਾ ਹਾਈ ਕੋਰਟ ਦੇ ਦੋ ਮੈਂਬਰੀ ਬੈਂਚ ਕੋਲ ਚੁਣੌਤੀ ਦਿੱਤੀ ਗਈ ਹੈ। ਇਸ ਬਾਰੇ ਸੁਣਵਾਈ ਸੋਮਵਾਰ 27 ਨਵੰਬਰ ਨੂੰ ਹੋਵੇਗੀ। ਪਟਨਾ ਹਾਈਕੋਰਟ ਦੇ ਡਬਲ ਬੈਂਚ ਕੋਲ ਇਹ ਪਟੀਸ਼ਨ ਜਥੇਦਾਰ ਅਵਤਾਰ ਸਿੰਘ ਮੱਕੜ ਵੱਲੋਂ ਦਾਇਰ ਕੀਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੱਸਿਆ ਕਿ ਅਦਾਲਤ ਨੇ ਪਟੀਸ਼ਨ ਦਾਇਰ ਕਰ ਲਈ ਹੈ ਅਤੇ ਇਸ ’ਤੇ ਸੁਣਵਾਈ ਅਤੇ ਬਹਿਸ ਲਈ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਦੋ ਮੈਂਬਰੀ ਬੈਂਚ ਵੱਲੋਂ ਹੇਠਲੀ ਸੈਸ਼ਨ ਅਦਾਲਤ ਦੇ ਫੈਸਲੇ ਨੂੰ ਦਰੁਸਤ ਕਰਾਰ ਦਿੱਤਾ ਜਾਵੇਗਾ ਅਤੇ ਨਿਆਂ ਮਿਲੇਗਾ।
ਦੱਸਣਯੋਗ ਹੈ ਕਿ ਬੀਤੇ ਦਿਨ ਪਟਨਾ ਹਾਈ ਕੋਰਟ ਦੇ ਸਿੰਗਲ ਬੈਂਚ ਵੱਲੋਂ ਇਸ ਸਬੰਧੀ ਫ਼ੈਸਲਾ ਹਰਵਿੰਦਰ ਸਿੰਘ ਸਰਨਾ ਦੇ ਹੱਕ ਵਿੱਚ ਦਿੱਤਾ ਗਿਆ ਸੀ। ਅਦਾਲਤ ਨੇ ਸੈਸ਼ਨ ਕੋਰਟ ਪਟਨਾ ਦੇ ਫੈਸਲੇ ’ਤੇ ਸਟੇਅ ਆਰਡਰ ਕੀਤਾ ਸੀ। ਇਹ ਪਟੀਸ਼ਨ ਹਰਵਿੰਦਰ ਸਿੰਘ ਸਰਨਾ ਵੱਲੋਂ ਦਾਇਰ ਕੀਤੀ ਗਈ ਸੀ ਅਤੇ ਉਨ੍ਹਾਂ ਸੈਸ਼ਨ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।
ਦੱਸਣਯੋਗ ਹੈ ਕਿ ਸਤੰਬਰ ਵਿੱਚ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਹੋਈ ਮੀਟਿੰਗ ਵਿੱਚ ਸਰਨਾ ਧੜਾ ਪ੍ਰਬੰਧ ’ਤੇ ਕਾਬਜ਼ ਹੋ ਗਿਆ ਸੀ ਅਤੇ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣਿਆ ਗਿਆ ਸੀ। ਪ੍ਰਬੰਧਕੀ ਕਮੇਟੀ ਦੀ ਇਸ ਮੀਟਿੰਗ ਨੂੰ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਸਮਰਥਕਾਂ ਨੇ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਇਸ ਸਬੰਧੀ ਸੈਸ਼ਨ ਕੋਰਟ ਵੱਲੋਂ ਦਿੱਤੇ ਫ਼ੈਸਲੇ ਵਿੱਚ ਅਹੁਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਅਦਾਲਤ ਦੇ ਫ਼ੈਸਲੇ ਨਾਲ ਹਰਵਿੰਦਰ ਸਿੰਘ ਸਰਨਾ ਦੀ ਪ੍ਰਧਾਨਗੀ ਵਾਲੀ ਕਮੇਟੀ ਰੱਦ ਹੋ ਗਈ ਸੀ ਅਤੇ ਪਹਿਲਾਂ ਤੋਂ ਹੀ ਕਾਬਜ਼ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਪ੍ਰਧਾਨਗੀ ਵਾਲੀ ਕਮੇਟੀ ਬਹਾਲ ਹੋ ਗਈ ਸੀ। ਜਥੇਦਾਰ ਮੱਕੜ ਨੇ ਮੁੜ ਪ੍ਰਬੰਧਕੀ ਕਮੇਟੀ ਦਾ ਕਾਰਜਭਾਰ ਸਾਂਭਿਆ ਹੀ ਸੀ ਕਿ ਪਟਨਾ ਹਾਈ ਕੋਰਟ ਦੇ ਸਿੰਗਲ ਬੈਂਚ ਵੱਲੋਂ ਹੇਠਲੀ ਅਦਾਲਤ ਦੇ ਫੈਸਲੇ ’ਤੇ ਸਟੇਅ ਦੇ ਦਿੱਤਾ ਗਿਆ, ਜਿਸ ਨਾਲ ਹਰਵਿੰਦਰ ਸਿੰਘ ਸਰਨਾ ਦੀ ਪ੍ਰਧਾਨਗੀ ਵਾਲੀ ਕਮੇਟੀ ਮੁੜ ਕਾਬਜ਼ ਹੋ ਗਈ। ਹੁਣ ਇਹ ਮਾਮਲਾ ਮੁੜ ਅਦਾਲਤ ਵਿੱਚ ਪੁੱਜ ਗਿਆ ਹੈ।