ਪਟਨਾ ਸਾਹਿਬ, 26 ਦਸੰਬਰ
ਬਿਹਾਰ ਸਰਕਾਰ ਅਤੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਾਂਝੇ ਯਤਨਾਂ ਨਾਲ ਕਰਵਾਏ ਗਏ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮ ਸਾਲ ਭਰ ਚੱਲਣ ’ਤੇ ਸ਼ੁਕਰਾਨਾ ਸਮਾਰੋਹ ਅਤੇ 351ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਪੂਰਨ ਗੁਰ-ਮਰਿਆਦਾ ਅਤੇ ਜਾਹੋ ਜਲਾਲ ਨਾਲ ਮੁਕੰਮਲ ਹੋ ਗਏ। ਆਖਰੀ ਦਿਨ ਤਕ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ ਨੇ ਮੱਥਾ ਟੇਕਿਆ। ਇਨ੍ਹਾਂ ਸਮਾਗਮਾਂ ਵਿੱਚ ਦੇਸ਼ ਦੀਆਂ ਪ੍ਰਮੁੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸੰਤ ਸਮਾਜ ਦੇ ਸਮਾਗਮ ਵਿੱਚ ਗੁਰਮਤਿ ਵਿਚਾਰਾਂ ਮਗਰੋਂ ਹਾਜ਼ਰ ਸ਼ਖ਼ਸੀਅਤਾਂ ਦਾ ਤਖ਼ਤ ਸਾਹਿਬ ਵੱਲੋਂ ਸਨਮਾਨ ਕੀਤਾ ਗਿਆ। ਰਸਮੀ ਤੌਰ ’ਤੇ ਤਿੰਨ ਦਿਨ ਚੱਲੇ ਧਾਰਮਿਕ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ। ਭਾਈ ਮਹਿੰਦਰ ਸਿੰਘ ਯੂਕੇ ਵਾਲਿਆਂ ਦੇ ਨਿਸ਼ਕਾਮ ਸੇਵਕ ਜਥੇ ਨੇ ਕਈ ਦਿਨਾਂ ਤੋਂ  ਸੰਗਤਾਂ ਲਈ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਸਨ। ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦਾ ਸਨਮਾਨ ਵੀ ਕੀਤਾ ਗਿਆ। ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਣ ਦੀ ਸੇਵਾ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ  ਸੰਤ ਦਇਆ ਸਿੰਘ ਨੇ ਕੀਤੀ। ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਬਾਰੇ ਦੱਸਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਸਮਾਗਮਾਂ ਵਿੱਚ ਹਾਜ਼ਰੀ ਲੁਆਈ। ਕਵੀਸ਼ਰ ਅਤੇ ਢਾਡੀ ਦਰਬਾਰ ਦੌਰਾਨ ਜਥਿਆਂ ਨੇ ਗੁਰੂ ਗੋਬਿੰਦ ਸਿੰਘ ਵੱਲੋਂ ਕੀਤੀਆਂ ਲਾਸਾਨੀਆਂ ਕੁਰਬਾਨੀਆਂ ਦਾ ਗਾਇਨ ਕੀਤਾ। ਪਟਨਾ ਸ਼ਹਿਰ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਸਮੇਤ ਬਾਕੀ ਗੁਰੂ ਘਰਾਂ ’ਤੇ ਵੀ ਪਿਛਲੇ ਕਈ ਦਿਨਾਂ ਤੋਂ ਦੀਪਮਾਲਾ ਕੀਤੀ ਹੋਈ ਸੀ। ਸਾਰੇ ਬਾਜ਼ਾਰਾਂ ਨੂੰ ਦੀਪਮਾਲਾ ਨਾਲ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਸੰਗਤਾਂ ਦੀ ਵੱਡੀ ਆਮਦ ਨੂੰ ਕੰਟਰੋਲ ਕਰਨ ਲਈ ਥਾਂ-ਥਾਂ ’ਤੇ ਬੈਰੀਅਰ ਲਾਏ ਹੋਏ ਸਨ।

ਨਾ ਰਾਸ਼ਟਰਪਤੀ ਪਹੁੰਚੇ ਤੇ ਨਾ ਹੀ ਪ੍ਰਧਾਨ ਮੰਤਰੀ

ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਵਿੱਚ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਹੋਰ ਬਹੁਤ ਸਾਰੇ ਆਗੂਆਂ ਦੇ ਨਾਂ ਛਾਪੇ ਗਏ ਸਨ ਪਰ ਉਨ੍ਹਾਂ ਆਪਣੀ ਹਾਜ਼ਰੀ ਨਹੀਂ ਭਰੀ। ਉਂਜ ਇਸ ਸਾਲ 5 ਜਨਵਰੀ ਨੂੰ ਗਾਂਧੀ ਮੈਦਾਨ ’ਚ ਗੁਰੂ ਗੋਬਿੰਦ ਸਿੰਘ ਦੇ ਮਨਾਏ ਗਏ 350ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਪ੍ਰਧਾਨ ਮੰਤਰੀ ਸਮੇਤ ਹੋਰ ਬਹੁਤ ਸਾਰੇ ਮੰਤਰੀ ਆਏ ਸਨ।