ਚੰਡੀਗੜ੍ਹ, 29 ਜੂਨ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਰਲਜ਼ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਜੋ ਇਨ੍ਹਾਂ ਜਾਇਦਾਦਾਂ ਨੂੰ ਵੇਚ ਕੇ ਨਿਵੇਸ਼ਕਾਂ ਨੂੰ ਵਾਪਸ ਪੈਸਾ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਇਸ ਕੰਮ ਨੂੰ ਨਿਰਵਿਘਨ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਜਾਇਦਾਦਾਂ ਨੂੰ ਹਾਸਲ ਕਰਨ ਲਈ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖ਼ਰੀਦ ਨਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜਿਸ ਕਰਕੇ ਇਸ ਨੂੰ ਹਰ ਹਾਲ ਵਿੱਚ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਮਾਲ ਰਿਕਾਰਡ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਆਧਾਰ ਉੱਤੇ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਇਹ ਜਾਇਦਾਦ ਜ਼ਬਤ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਮੋੜਿਆ ਜਾਵੇ ਅਤੇ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਧੋਖਾਧੜੀ ਕਰਨ ਵਾਲੀਆਂ ਅਜਿਹੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ।