ਚੰਡੀਗੜ੍ਹ, 14 ਜਨਵਰੀ
ਪੰਜਾਬ ਤੇ ਹਰਿਆਣਾ ’ਚ ਅੱਜ ਸੰਘਣੀ ਧੁੰਦ ਤੇ ਸੀਤ ਲਹਿਰ ਕਾਰਨ ਆਮ ਜੀਵਨ ਪ੍ਰਭਾਵਿਤ ਹੋਇਆ ਤੇ ਘੱਟੋ ਘੱਟ 0.6 ਡਿਗਰੀ ਤਾਪਮਾਨ ਨਾਲ ਬਠਿੰਡਾ ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ। ਉਧਰ ਪਹਾੜੀ ਇਲਾਕਿਆਂ ’ਚ ਹੋਈ ਬਰਫ਼ਬਾਰੀ ਮਗਰੋਂ ਸੈਲਾਨੀਆਂ ਨੇ ਹਿਮਾਚਲ ਪ੍ਰਦੇਸ਼ ਦੀਆਂ ਸੈਰ-ਸਪਾਟੇ ਵਾਲੀਆਂ ਥਾਵਾਂ ਵੱਲ ਵਹੀਰਾਂ ਘੱਤ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਹੀ ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ ਰਿਹਾ। ਸੰਘਣੀ ਧੁੰਦ ਕਾਰਨ ਦੂਰ ਤੱਕ ਦੇਖਣ ਦੀ ਸਮਰੱਥਾ ਵੀ ਘੱਟ ਰਹੀ ਜਿਸ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਸ਼ਹਿਰ ਰਿਹਾ ਹੈ, ਜਿੱਥੇ ਘੱਟੋ-ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ 4.4 ਡਿਗਰੀ ਸੈਲਸੀਅਸ ਘੱਟ ਰਿਹਾ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਸੂਬੇ ਵਿੱਚ ਅਗਲੇ 4 ਤੋਂ 5 ਦਿਨ ਸੰਘਣੀ ਧੁੰਦ ਤੇ ਸੀਤ ਲਹਿਰ ਪੂਰੇ ਜ਼ੋਰ ’ਤੇ ਰਹੇਗੀ ਜਿਸ ਕਾਰਨ ਘੱਟੋ ਘੱਟ ਤਾਪਮਾਨ ਹੋਰ ਹੇਠਾਂ ਜਾ ਸਕਦਾ ਹੈ।