ਨਵੀਂ ਦਿੱਲੀ, 18 ਅਕਤੂਬਰ : ਪਾਕਿਸਤਾਨ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨ ਲਈ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਸਿਰਫ ਦੋ ਗੁਰਧਾਮਾਂ ਲਈ ਵੀਜ਼ਾ ਦੇਣਾ ਬਹੁਤ ਵੱਡਾ ਵਿਤਕਰਾ ਹੈ ਜਿਸਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜੀ ਹੈ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਦੋਂ ਸਾਰੀ ਦੁਨੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ, ਉਦੋਂ ਗੁਰੂ ਸਾਹਿਬ ਨਾਲ ਜੁੜੇ ਗੁਰਧਾਮਾਂ ਦੇ ਦਰਸ਼ਨ ਵਾਸਤੇ ਪਾਕਿਸਤਾਨ ਸਰਕਾਰ ਨੇ ਪੈਰ ਪਿੱਛੇ ਖਿੱਚ ਲਏ ਹਨ। ਉਹਨਾਂ ਦੱਸਿਆ ਕਿ ਗੁਰਪੁਰਬ ਮੌਕੇ ਪਾਕਿਸਤਾਨ ਜਾ ਰਹੇ ਸ਼ਰਧਾਲੂਆਂ ਨੂੰ ਸਿਰਫ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਵੀਜ਼ਾ ਹੀ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ, ਡੇਰਾ ਸਾਹਿਬ, ਰੋੜੀ ਸਾਹਿਬ, ਸੱਚਾ ਸੌਦਾ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਦੀ ਇਜਾਜ਼ਤ ਸ਼ਰਧਾਲੂਆਂ ਨੂੰ ਨਹੀਂ ਦਿੱਤੀ ਗਈ।
ਸ੍ਰੀ ਸਿਰਸਾ ਨੇ ਕਿਹਾ ਕਿ ਗੁਰਪੁਰਬ ਮੌਕੇ ਅਜਿਹੀ ਇਜਾਜ਼ਤ ਨਾ ਦੇਣਾ ਘੋਰ ਪਾਪ ਦੇ ਤੁਲ ਹੈ ਤੇ ਪਾਕਿਸਤਾਨ ਸਰਕਾਰ ਨੂੰ ਆਪਣੇ ਇਸ ਫੈਸਲੇ ਵਿਚ ਤੁਰੰਤ ਸੋਧ ਕਰਦਿਆਂ ਪਾਕਿਸਤਾਨ ਪਹੁੰਚਣ ਵਾਲੇ ਸ਼ਰਧਾਲੂਆਂ ਨੂੰ ਸਾਰੇ ਗੁਰਧਾਮਾਂ ਦੇ ਦਰਸ਼ਨਾਂ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਕ ਪਾਸੇ ਤਾਂ ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘਾ ਬਣਾ ਕੇ 70 ਵਰਿਆਂ ਤੋਂ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਸ਼ਰਧਾਲੂਆਂ ਦੀਆਂ ਇੱਛਾਵਾਂ ਦੀ ਪੂਰਤੀ ਵਾਸਤੇ ਕੰਮ ਕਰਨ ਦੇ ਦਾਅਵੇ ਕਰ ਰਿਹਾ ਹੈ ਜਦਕਿ ਦੂਜੇ ਪਾਸੇ ਲਾਂਘੇ ਵਾਸਤੇ 20 ਡਾਲਰ ਦੀ ਫੀਸ ਰੱਖ ਕੇ ਅਤੇ ਸਿਰਫ ਦੋ ਗੁਰਧਾਮਾਂ ਨੂੰ ਛੱਡ ਕੇ ਬਾਕੀ ਗੁਰਧਾਮਾਂ ਲਈ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਬੱਜ਼ਰ ਗੁਨਾਹ ਕਰ ਰਿਹਾ ਹੈ।
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੇ 20 ਡਾਲਰ ਫੀਸ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਦੀ ਇਜਾਜ਼ਤ ਨਾ ਦੇਣ ਦੇ ਫੈਸਲਿਆਂ ਦੀ ਮੁੜ ਨਜ਼ਰਸਾਨੀ ਕਰਨ ਅਤੇ ਇਸ ਵਰੇ ਜਦੋਂ ਸਾਰੀ ਦੁਨੀਆਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਹੀ ਹੈ, ਉਦੋਂ ਆਪਣੀ ਫਰਾਖਦਿਲੀ ਵਿਖਾਉਣ ਕਿਉਂਕਿ ਗੁਰੂ ਨਾਨਕ ਦੇਵ ਜੀ ਸਿਰਫ ਸਿੱਖਾਂ ਦੇ ਹੀ ਨਹੀਂ ਬਲਕਿ ਸਮੁੱਚੀ ਮਾਨਵਤਾ ਦੇ ਗੁਰੂ ਸਨ ਅਤੇ ਸਿੱਖਾਂ ਦੇ ਬਰਾਬਰ ਮੁਸਲਮਾਨ ਵੀ ਉਹਨਾਂ ਨੂੰ ਆਪਣਾ ਪੀਰ ਮੰਨਦੇ ਹਨ।