ਪਠਾਨਕੋਟ, 6 ਫਰਵਰੀ,ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਸਰਹੱਦ ’ਤੇ ਪਾਕਿਸਤਾਨ ਨਾਲ ਨਜਿੱਠਣ ਵਿੱਚ ਨਾਕਾਮਯਾਬ ਸਿੱਧ ਹੋਈ ਹੈ। ਸ੍ਰੀ ਜਾਖੜ ਨੇ ਦੱਸਿਆ ਕਿ ਅੱਜ ਉਹ ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਕੌਮਾਂਤਰੀ ਸਰਹੱਦ ’ਤੇ ਲਗਾਤਾਰ ਹੋ ਰਹੀ ਗੋਲੀਬਾਰੀ ਕਾਰਨ ਸ਼ਹੀਦ ਹੋ ਰਹੇ ਜਵਾਨਾਂ ਦਾ ਮੁੱਦਾ ਉਠਾਉਣ ਵਾਲੇ ਸਨ, ਪਰ ਇੱਕ ਸੰਸਦ ਮੈਂਬਰ ਦੇ ਅਕਾਲ ਚਲਾਣੇ ਕਾਰਨ ਅੱਜ ਲੋਕ ਸਭਾ ਪੂਰੇ ਦਿਨ ਲਈ ਉਠਾ ਦਿੱਤੀ ਗਈ। ਸ੍ਰੀ ਜਾਖੜ ਨੇ ਦੱਸਿਆ ਕਿ ਉਨ੍ਹਾਂ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਭਾਰਤ-ਪਾਕਿਸਤਾਨ ਸਰਹੱਦ ’ਤੇ ਲਗਾਤਾਰ ਹੋ ਰਹੀ ਗੋਲੀਬਾਰੀ ਅਤੇ ਪਾਕਿਸਤਾਨ ਨਾਲ ਵਧ ਰਹੇ ਤਣਾਅ ਬਾਰੇ ਚਰਚਾ ਕੀਤੀ ਤਾਂ ਜੋ ਕੇਂਦਰ ਸਰਕਾਰ ਨੂੰ ਪਾਕਿਸਤਾਨ ’ਤੇ ਕੂਟਨੀਤਕ ਤਰੀਕੇ ਨਾਲ ਕੌਮਾਂਤਰੀ ਪੱਧਰ ’ਤੇ ਦਬਾਅ ਬਣਾਉਣ ਲਈ ਕਿਹਾ ਜਾ ਸਕੇ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਨੇ ਵੀ ਇਸ ਵਿਸ਼ੇ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਸਾਂਝੇ ਤੌਰ ’ਤੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀਆਂ ਹੱਦਾਂ ਦੀ ਰਾਖੀ ਕਰਨ ਵਿੱਚ ਨਾਕਾਮ ਸਿੱਧ ਹੋ ਰਹੀ ਹੈ ਅਤੇ ਇਸੇ ਕਾਰਨ ਹੀ ਪਾਕਿਸਤਾਨ ਦੇ ਹੌਸਲੇ ਵੱਧ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਹੱਦ ’ਤੇ ਸ਼ਹੀਦ ਹੋਣ ਵਾਲੇ ਜਵਾਨਾਂ ਵਿੱਚ ਬਹੁਤ ਸਾਰੇ ਪੰਜਾਬ ਤੋਂ ਹਨ। ਸ੍ਰੀ ਜਾਖੜ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਵਿੱਚ ਹੀ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਆਲਮ ਪੁਰ ਦਾ ਮਨਦੀਪ ਸਿੰਘ, ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚਹਿਲ ਖੁਰਦ ਦਾ ਲਾਂਸ ਨਾਇਕ ਮਨਦੀਪ ਸਿੰਘ ਅਤੇ ਪਿੰਡ ਰਾਏਚੱਕ ਦਾ ਪਲਵਿੰਦਰ ਸਿੰਘ, ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਲਕੜੇ ਦਾ ਲਾਂਸ ਨਾਇਕ ਗੁਰਮੇਲ ਸਿੰਘ ਅਤੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਲੋਹਗੜ੍ਹ ਦਾ ਜਗਸੀਰ ਸਿੰਘ ਸਰਹੱਦ ’ਤੇ ਰਾਖੀ ਕਰਦਿਆਂ ਸ਼ਹੀਦ ਹੋ ਗਏ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸ਼ਹੀਦ ਹੁੰਦੇ ਜਵਾਨਾਂ ਨੂੰ ਮੂਕ ਦਰਸ਼ਕ ਬਣਕੇ ਨਹੀਂ ਵੇਖਿਆ ਜਾ ਸਕਦਾ ਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਇਸ ਗੰਭੀਰ ਮਸਲੇ ਵੱਲ ਧਿਆਨ ਦੇਵੇ।
ਇਸ ਤੋਂ ਬਿਨਾਂ ਸ੍ਰੀ ਜਾਖੜ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਥੇਬੰਦਕ ਢਾਂਚੇ ਨੂੰ ਮੁੜ ਤਿਆਰ ਕਰਨ ਸਬੰਧੀ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਾਸੀਆਂ ਵਿੱਚ ਮੋਦੀ ਸਰਕਾਰ ਪ੍ਰਤੀ ਭਾਰੀ ਰੋਸ ਹੈ।