ਚੰਡੀਗੜ੍ਹ : ਹਾਲ ਹੀ ਵਿਚ ਪਾਕਿਸਤਾਨ ਲਈ ਜਾਸੂਸੀ ਕਰਨ ਲਈ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਫੜ੍ਹੇ ਗਏ ਛੇ ਸ਼ੱਕੀਆਂ ਦੇ ਨਾਲ ਸੰਪਰਕ ਰੱਖਣ ਵਾਲੇ ਲਗਪਗ 50 ਵਿਅਕਤੀਆਂ ਦੀਆਂ ਗਤੀਵਿਧੀਆਂ ਅਤੇ ਪਿਛੋਕੜਾਂ ਦਾ ਪਤਾ ਲਗਾਉਣ ਲਈ ਪੰਜਾਬ ਪੁਲੀਸ ਵੱਡੇ ਪੱਧਰ ’ਤੇ ਜਾਂਚ ਕਰ ਰਹੀ ਹੈ। ਪੁਲੀਸ ਸੂਤਰਾਂ ਨੇ ਕਿਹਾ ਕਿ ਭਾਰਤ-ਪਾਕਿਸਤਾਨ ਟਕਰਾਅ ਤੋਂ ਬਾਅਦ ਛੇ ਸ਼ੱਕੀਆਂ ਨੂੰ ਪਠਾਨਕੋਟ, ਮਲੇਰਕੋਟਲਾ, ਬਠਿੰਡਾ ਅਤੇ ਗੁਰਦਾਸਪੁਰ ਤੋਂ ਫੜਿਆ ਗਿਆ ਸੀ। ਤਕਨੀਕੀ ਅਤੇ ਮਨੁੱਖੀ ਜਾਂਚ ਤੋਂ ਬਾਅਦ ਇਨ੍ਹਾਂ 50 ਵਿਅਕਤੀਆਂ ਦੀ ਪਛਾਣ ਉਨ੍ਹਾਂ ਦੇ ਸਿੱਧੇ ਜਾਂ ਅਸਿੱਧੇ ਸਹਿਯੋਗੀਆਂ ਵਜੋਂ ਕੀਤੀ ਗਈ ਸੀ ਅਤੇ ਹੁਣ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਇਨ੍ਹਾਂ ਸ਼ੱਕੀਆਂ ਨੂੰ ਹਿਰਾਸਤ ਵਿਚ ਨਹੀਂ ਲਿਆ ਗਿਆ ਹੈ।
ਪੁਲੀਸ ਸੂਤਰਾਂ ਨੇ ਕਿਹਾ ਕਿ ਇਨ੍ਹਾਂ 50 ਵਿਅਕਤੀਆਂ ਦੀਆਂ ਗਤੀਵਿਧੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਥਿਤ ਜਾਸੂਸਾਂ ਦੇ ਸਾਰੇ ਸੰਪਰਕਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਸੂਤਰਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ ਉਨ੍ਹਾਂ ਵਿੱਚੋਂ ਜ਼ਿਆਦਾਤਰ ਨੇ ਜਾਸੂਸਾਂ ਦੇ ਗੁਪਤ ਕੰਮ ਬਾਰੇ ਬੇਗੁਨਾਹ ਹੋਣ ਦਾ ਦਾਅਵਾ ਕੀਤਾ ਸੀ, ਪਰ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਸਕੇਗੀ। ਗ੍ਰਿਫ਼ਤਾਰ ਕੀਤੇ ਗਏ ਜਾਸੂਸਾਂ ਵਿਚ ਪੰਜ ਪੁਰਸ਼ ਅਤੇ ਇਕ ਮਹਿਲਾ ਸ਼ਾਮਲ ਹੈ।