ਚੰਡੀਗੜ੍ਹ : ਖ਼ਬਰ ਏਜੰਸੀ ਰਾਇਟਰਜ਼ ਦੇ ਇਕ ਚਸ਼ਮਦੀਦ ਦੇ ਅਨੁਸਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਸਮਝੌਤੇ ਤੋਂ ਕੁਝ ਹੀ ਘੰਟਿਆਂ ਬਾਅਦ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਗ਼ੌਰਤਲਬ ਹੈ ਕਿ ਜੰਮੂ ਸ਼ਹਿਰ ਵਿਚ ਧਮਾਕੇ ਸੁਣੇ ਗਏ ਅਤੇ ਅਸਮਾਨ ਵਿਚ ਪ੍ਰਜੈਕਟਾਈਲ ਦੇਖੇ ਗਏ ਹਨ। ਇਸ ਤੋਂ ਇਲਾਵਾ ਸ੍ਰੀਨਗਰ ਅਤੇ ਉੱਤਰੀ ਕਸ਼ਮੀਰ ਵਿਚ ਕਈ ਧਮਾਕਿਆਂ ਦੀ ਅਵਾਜ਼ ਸੁਣਾਈ ਦਿੱਤੀ ਹੈ।
ਇਸ ਸਬੰਧੀ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਹਾਲ ਹੀ ਵਿਚ X ’ਤੇ ਪੋਸਟ ਕਰਦਿਆਂ ਕਿਹਾ ਕਿ ਸ੍ਰੀਨਗਰ ਵਿੱਚ ਧਮਾਕੇ ਸੁਣੇ ਗਏ ਹਨ। ਹਾਲ ਹੀ ਦੀਆਂ ਰਿਪੋਰਟਾਂ ਅਨੁਸਾਰ ਨੌਸ਼ਹਿਰਾ, ਸੁੰਦਰਬਨੀ ਅਤੇ ਜੰਮੂ-ਕਸ਼ਮੀਰ ਦੇ ਹੋਰ ਸੈਕਟਰਾਂ ਵਿੱਚ ਵੱਡੇ ਪੱਧਰ ’ਤੇ ਜੰਗਬੰਦੀ ਦੀ ਉਲੰਘਣਾ ਦੇ ਰੂਪ ਵਿੱਚ ਡਰੋਨ ਦੇਖੇ ਗਏ ਹਨ। ਉਨ੍ਹਾਂ ਇਸ ਸਬੰਧੀ ਦੋ ਟਵੀਟਾਂ ਕੀਤੀਆਂ ਹਨ। ਇਸ ਦੇ ਨਾਲ ਹੀ ਜੰਮੂ, ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ਵਿੱਚ ਵੱਖ-ਵੱਖ ਮੋਰਚਿਆਂ ‘ਤੇ ਜੰਗਬੰਦੀ ਦੀ ਉਲੰਘਣਾ ਦੀ ਖ਼ਬਰ ਹੈ। ਹਾਲਾਂਕਿ, ਫੌਜ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।