ਨਵੀਂ ਦਿੱਲੀ, 3 ਮਈ

ਭਾਰਤੀ ਓਲੰਪਿਕ ਸੰਘ (ਆਈਓਏ) ਦੀ ਪ੍ਰਧਾਨ ਪੀਟੀ ਊਸ਼ਾ ਨੇ ਅੱਜ ਇਥੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਹਟਾਉਣ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀ ਭਲਵਾਨਾਂ ਨਾਲ ਮੁਲਾਕਾਤ ਕੀਤੀ ਬ੍ਰਿਜ ਭੂਸ਼ਨ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਸਾਬਕਾ ਕੌਮਾਂਤਰੀ ਅਥਲੀਟ ਪੀਟੀ ਊਸ਼ਾ ਰਾਸ਼ਟਰੀ ਰਾਜਧਾਨੀ ਦੇ ਜੰਤਰ-ਮੰਤਰ ‘ਤੇ ਪਹੁੰਚੀ, ਜਿਥੇ ਭਲਵਾਨ 11 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਭਲਵਾਨਾਂ ਨੂੰ ਸਮਰਥਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਊਸ਼ਾ ਨੇ 27 ਅਪਰੈਲ ਨੂੰ ਕਿਹਾ ਸੀ ਕਿ ਪਹਿਲਵਾਨਾਂ ਨੂੰ ਪ੍ਰਦਰਸ਼ਨ ਕਰਨ ਦੀ ਥਾਂ ਉਨ੍ਹਾਂ ਨਾਲ ਸੰਪਰਕ ਕਰਨਾ ਚਾਹੀਦਾ ਸੀ। ਪ੍ਰਦਰਸ਼ਨ ਕਾਰਨ ਦੇਸ਼ ਦਾ ਅਕਸ ਖਰਾਬ ਹੋ ਰਿਹਾ ਹੈ।