ਓਟਾਵਾ— ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੇ ਟੈਕਸਾਸ ਸੂਬੇ ‘ਚ ਸਥਿਤ ਚਰਚ ‘ਚ ਹੋਈ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਦੁੱਖ ਜ਼ਾਹਰ ਕੀਤਾ ਹੈ। ਟਰੂਡੋ ਨੇ ਕਿਹਾ ਕਿ ਕੈਨੇਡਾ ਗੋਲੀਬਾਰੀ ਦੇ ਸ਼ਿਕਾਰ ਹੋਏ ਲੋਕਾਂ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹੈ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਇਸ ਦੁੱਖ ਦੀ ਘੜੀ ‘ਚ ਕੈਨੇਡਾ, ਅਮਰੀਕਾ ਦੇ ਨਾਲ ਖੜ੍ਹਾ ਹੈ ਅਤੇ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਜ਼ਖਮੀ ਹੋਏ ਲੋਕ ਛੇਤੀ ਤੰਦਰੁਸਤ ਹੋ ਜਾਣ। ਸਾਰੇ ਕੈਨੇਡੀਅਨ ਵਲੋਂ ਮੈਂ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਦੋਸਤਾਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਟਰੂਡੋ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਇਸ ਗੱਲ ਨੂੰ ਸਾਂਝਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਟੈਕਸਾਸ ਵਿਚ ਸਦਰਲੈਂਡ ਸਪਰਿੰਗਜ਼ ਸਥਿਤ ਫਰਸਟ ਬੈਪਟਿਸਟ ਚਰਚ ਵਿਚ ਐਤਵਾਰ ਸ਼ਾਮ ਨੂੰ ਇਕ ਬੰਦੂਕਧਾਰੀ ਨੇ ਪ੍ਰਾਰਥਨਾ ਕਰਨ ਆਏ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚੱਲਾ ਦਿੱਤੀਆਂ। ਇਸ ਗੋਲੀਬਾਰੀ ‘ਚ 26 ਲੋਕਾਂ ਦੀ ਮੌਤ ਹੋ ਗਈ ਅਤੇ 20 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ।