ਨਵੀਂ ਦਿੱਲੀ, 27 ਅਕਤੂਬਰ

ਸੁਪਰੀਮ ਕੋਰਟ ਨੇ ਇਜ਼ਰਾਇਲੀ ਸਪਾਈਵੇਅਰ ‘ਪੈਗਾਸਸ’ ਰਾਹੀਂ ਭਾਰਤੀ ਨਾਗਰਿਕਾਂ ਦੀ ਕਥਿਤ ਜਾਸੂਸੀ ਦੀ ਜਾਂਚ ਲਈ ਅੱਜ ਮਾਹਿਰਾਂ ਦੀ ਕਮੇਟੀ ਕਾਇਮ ਕੀਤੀ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਆਰਵੀ ਰਵਿੰਦਰਨ ਕਰਨਗੇ। ਸੁਪਰੀਮ ਕੋਰਟ ਨੇ ਮਾਹਿਰਾਂ ਦੇ ਪੈਨਲ ਨੂੰ ਜਲਦੀ ਤੋਂ ਜਲਦੀ ਰਿਪੋਰਟ ਤਿਆਰ ਕਰਨ ਲਈ ਕਿਹਾ ਅਤੇ ਅੱਠ ਹਫ਼ਤਿਆਂ ਬਾਅਦ ਮਾਮਲੇ ਨੂੰ ਅਗਲੀ ਸੁਣਵਾਈ ਲਈ ਸੂਚੀਬੱਧ ਕੀਤਾ। ਬੈਂਚ ਨੇ ਕਿਹਾ ਕਿ ਪਟੀਸ਼ਨਾਂ ਵਿੱਚ ਨਿੱਜਤਾ ਦੇ ਅਧਿਕਾਰ, ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਵਰਗੇ ਦੋਸ਼ ਲਾਏ ਗਏ ਹਨ, ਜਿਨ੍ਹਾਂ ਦੀ ਜਾਂਚ ਦੀ ਲੋੜ ਹੈ।