ਚੰਡੀਗੜ੍, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਜੇਕਰ ਉਹ ਆਮ ਆਦਮੀ ਨੂੰ ਰਾਹਤ ਦਿਵਾਉਣ ਵਾਸਤੇ ਸੱਚਮੁੱਚ ਸੰਜੀਦਾ ਹਨ ਤਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਥੱਲੇ ਲਿਆਉਣ ਦਾ ਮੁੱਦਾ ਅਗਲੀ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਉਠਾਉਣ ਲਈ ਕਹਿਣ। ਅੱਜ ਇੱਥੇ ਇੱਕ ਬਿਆਨ ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਜੋ ਕਹਿੰਦੇ ਹਨ, ਉਸ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਵੇਖ ਕੇ ਲੱਗਦਾ ਹੈ ਕਿ ਪੈਟਰੋਲ ਦੀਆਂ ਕੀਮਤਾਂ ਦਾ ਆਮ ਆਦਮੀ ਉੱਤੇ ਬੋਝ ਪੈ ਰਿਹਾ ਹੈ, ਇਸ ਬਾਰੇ ਟਵੀਟ ਕਰਨਾ ਸੌਖਾ ਹੈ। ਕੇਂਦਰ ਸਰਕਾਰ ਉੱਤੇ ਤੇਲ ਨੂੰ ਜੀਐਸਟੀ ਥੱਲੇ ਨਾ ਲਿਆਉਣ ਲਈ ਸਵਾਲ ਕਰਨਾ ਵੀ ਸੌਖਾ ਹੈ, ਪਰ ਆਪਣੀ ਨਸੀਹਤ ਉੱਤੇ ਖ਼ੁਦ ਹੀ ਅਮਲ ਕਰਨਾ ਬਹੁਤ ਔਖਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਵਿੱਚ ਆਪਣੀ ਪਾਰਟੀ ਦੀ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਥੱਲੇ ਲਿਆਉਣ ਵਾਸਤੇ ਕਦਮ ਚੁੱਕਣ ਲਈ ਕਿਉਂ ਨਹੀਂ ਕਿਹਾ ਹੈ? ਉਨ੍ਹਾਂ ਕਿਹਾ ਕਿ ਕੀ ਰਾਹੁਲ ਗਾਂਧੀ ਨੇ ਪੰਜਾਬ ਸਰਕਾਰ ਨੂੰ ਅਗਲੀ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਇਸ ਮੁੱਦੇ ਨੂੰ ਏਜੰਡੇ ਵਜੋਂ ਉਠਾਉਣ ਲਈ ਆਖਿਆ ਹੈ?