ਇਸਲਾਮਾਬਾਦ, 31 ਮਾਰਚ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਸੰਸਦ ਵਿੱਚ ਬਹੁਮਤ ਗੁਆ ਲਿਆ। ਦਰਅਸਲ, ਸੱਤਾਧਾਰੀ ਗੱਠਜੋੜ ’ਚ ਸ਼ਾਮਲ ਇੱਕ ਮੁੱਖ ਭਾਈਵਾਲ ਨੇ ਵਿਰੋਧੀ ਧਿਰ ਦਾ ਸਾਥ ਦੇ ਦਿੱਤਾ, ਜਿਸ ਵੱਲੋਂ ਕੌਮੀ ਅਸੈਂਬਲੀ ਵਿੱਚ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਪਾਇਆ ਗਿਆ ਸੀ। ਮੁਲਕ ਦੀ ਤਹਿਰੀਕ-ਏ-ਇਨਸਾਫ਼ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਦੀ ਮੁੱਖ ਭਾਈਵਾਲ ਮੁਤਾਹਿਦਾ ਕੌਮੀ ਮੂਵਮੈਂਟ-ਪਾਕਿਸਤਾਨ ਨੇ ਆਪਣੇ ਸੱਤ ਮੈਂਬਰਾਂ ਨਾਲ ਐਲਾਨ ਕੀਤਾ ਕਿ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਉਸ ਵੱਲੋਂ ਸਰਕਾਰ ਤੋਂ ਅੱਡ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਿਰੋਧੀ ਧਿਰ ਵੱਲੋਂ 342 ਸੀਟਾਂ ਵਾਲੇ ਹੇਠਲੇ ਸਦਨ ਵਿੱਚ ਉਨ੍ਹਾਂ ਨੂੰ ਗੱਦੀਓਂ ਲਾਹੁਣ ਲਈ ਕੀਤੀ ਕੋਸ਼ਿਸ਼ ਨੂੰ ਫੇਲ੍ਹ ਕਰਨ ਲਈ 172 ਵੋਟਾਂ ਦੀ ਲੋੜ ਸੀ। ਹਾਲਾਂਕਿ, ਜਮਾਇਤ ਉਲੇਮਾ-ਏ-ਇਸਲਾਮਾ ਦੇ ਮੁਖੀ ਮੌਲਾਨਾ ਫਜ਼ਲੂਰ ਰਹਿਮਾਨ ਨੇ ਕਿਹਾ ਕਿ ਵਿਰੋਧੀਆਂ ਕੋਲ 175 ਵਿਧਾਇਕਾਂ ਦਾ ਸਮਰਥਨ ਹੈ ਤੇ ਪ੍ਰਧਾਨ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਦੌਰਾਨ ਇਮਰਾਨ ਖਾਨ ਨੇ ਮੁਲਕ ਨੂੰ ਸੰਬੋਧਨ ਕਰ ਦਾ ਪ੍ਰੋਗਰਾਮ ਅੱਗੇ ਪਾ ਦਿੱਤਾ ਹੈ।