ਅਹਿਮਦਾਬਾਦ: ਇੱਥੋਂ ਦੀ ਇੱਕ ਸੈਸ਼ਨ ਅਦਾਲਤ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਦੀ ਇੱਕ ਅਰਜ਼ੀ ਖਾਰਜ ਕਰ ਦਿੱਤੀ ਜਿਸ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਸਬੰਧੀ ਟਿੱਪਣੀਆਂ ਲਈ ਅਪਰਾਧਕ ਮਾਣਹਾਨੀ ਮਾਮਲੇ ’ਚ ਉਨ੍ਹਾਂ ਖ਼ਿਲਾਫ਼ ਜਾਰੀ ਸੰਮਨਾਂ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ ਜਲਦ ਸੁਣਵਾਈ ਦੀ ਮੰਗ ਕੀਤੀ ਸੀ। ਸੈਸ਼ਨ ਜੱਜ ਏ.ਵੀ. ਹਿਰਪਾਰਾ ਦੀ ਅਦਾਲਤ ਨੇ ‘ਆਪ’ ਨੇਤਾਵਾਂ ਵੱਲੋਂ ਪ੍ਰਧਾਨ ਮੰਤਰੀ ਦੀ ਡਿਗਰੀ ਸਬੰਧੀ ਕੀਤੀਆਂ ਗਈਆਂ ‘ਵਿਅੰਗਆਤਮਕ’ ਅਤੇ ‘ਅਪਮਾਨਜਨਕ’ ਟਿੱਪਣੀਆਂ ਲਈ ਗੁਜਰਾਤ ਯੂਨੀਵਰਸਿਟੀ ਵੱਲੋਂ ਉਨ੍ਹਾਂ ਖ਼ਿਲਾਫ਼ ਦਾਇਰ ਕੇਸ ’ਚ ਤੇਜ਼ ਸੁਣਵਾਈ ਸਬੰਧੀ ਉਨ੍ਹਾਂ ਦੀ ਅਰਜ਼ੀ ਖਾਰਜ ਕੀਤੀ। ਮੈਟਰੋਪੌਲੀਟਨ ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ 16 ਸਤੰਬਰ ਤੱਕ ਮੁਲਤਵੀ ਕੀਤੇ ਜਾਣ ਮਗਰੋਂ ‘ਆਪ’ ਕਨਵੀਨਰ ਕੇਜਰੀਵਾਲ ਅਤੇ ਪਾਰਟੀ ਨੇਤਾ ਸੰਜੈ ਸਿੰਘ ਨੇ ਸੋਮਵਾਰ ਨੂੰ ਸੈਸ਼ਨ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਮੈਟਰੋਪੌਲੀਟਨ ਅਦਾਲਤ ਦੇ ਸੰਮਨਾਂ ਨੂੰ ਚੁਣੌਤੀ ਦਿੰਦੀ ਉਨ੍ਹਾਂ ਦੀ ਅਰਜ਼ੀ ’ਤੇ ਜਲਦੀ ਸੁਣਵਾਈ ਕੀਤੀ ਜਾਵੇ। ‘ਆਪ’ ਨੇਤਾਵਾਂ ਨੇ ਆਪਣੇ ਵਕੀਲ ਰਾਹੀਂ ਅਦਾਲਤ ਨੂੰ 29 ਅਗਸਤ ਨੂੰ ਗੁਜਰਾਤ ਹਾਈ ਕੋਰਟ ਵਿੱਚ ਅਤੇ 31 ਅਗਸਤ ਨੂੰ ਮੈਟਰੋਪੌਲੀਟਨ ਅਦਾਲਤ ’ਚ ਸਬੰਧਤ ਮਾਮਲਿਆਂ ਦੀ ਸੁਣਵਾਈ ਤੋਂ ਪਹਿਲਾਂ ਉਨ੍ਹਾਂ ਦੀ ਅਰਜ਼ੀ ’ਤੇ ਸੁਣਵਾਈ ਦੀ ਅਪੀਲ ਕੀਤੀ ਸੀ।