ਸੀਤਾਪੁਰ (ਉੱਤਰ ਪ੍ਰਦੇਸ਼), 5 ਅਕਤੂਬਰ
ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ, ਦੀਪੇਂਦਰ ਹੁੱਡਾ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੈ ਕੁਮਾਰ ਲੱਲੂ ਸਣੇ 11 ਆਗੂਆਂ ਖ਼ਿਲਾਫ਼ ਸ਼ਾਂਤੀ ਭੰਗ ਕਰਨ ਦੇ ਖ਼ਦਸ਼ੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਾਂਗਰਸ ਵੱਲੋਂ ਪ੍ਰਿਯੰਕਾ ਗਾਂਧੀ ਵਾਡਰਾ ਦੀ ਹਿਰਾਸਤ ’ਤੇ ਸਵਾਲ ਉਠਾਏ ਜਾਣ ਵਿਚਾਲੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਉਨ੍ਹਾਂ ਅਤੇ 10 ਹੋਰਾਂ ਖ਼ਿਲਾਫ਼ ਸ਼ਾਂਤੀ ਭੰਗ ਕਰਨ ਦੇ ਖ਼ਦਸ਼ੇ ਦੇ ਮੱਦੇਨਜ਼ਰ ਇਹਤਿਆਤ ਵਜੋਂ ਹਿਰਾਸਤ ਨਾਲ ਜੁੜੀਆਂ ਧਾਰਾਵਾਂ ਤਹਿਤ ਇਹ ਕੇਸ ਦਰਜ ਕੀਤਾ ਗਿਆ ਹੈ। ਸੀਤਾਪੁਰ ਦੇ ਐੱਸਡੀਐੱਮ ਪਿਆਰੇ ਲਾਲ ਮੌਰਿਆ ਨੇ ਅੱਜ ਇੱਥੇ ਦੱਸਿਆ ਕਿ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਸਣੇ 11 ਆਗੂਆਂ ਖ਼ਿਲਾਫ਼ 4 ਅਕਤੂਬਰ ਨੂੰ ਸੀਆਰਪੀਸੀ ਦੀ ਧਾਰਾ 144, 151, 107 ਅਤੇ 116 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇਹਤਿਆਤਨ ਧਾਰਾਵਾਂ ਹਨ, ਇਕ ਵਾਰ ਉਨ੍ਹਾਂ ਨੂੰ ਭਰੋਸਾ ਮਿਲ ਜਾਂਦਾ ਹੈ ਕਿ ਕਾਂਗਰਸੀ ਆਗੂਆਂ ਵੱਲੋਂ ਸ਼ਾਂਤੀ ਦਾ ਉਲੰਘਣ ਨਹੀਂ ਹੋਵੇਗਾ ਤਾਂ ਇਸ ਨੂੰ ਹਟਾ ਦਿੱਤਾ ਜਾਵੇਗਾ।














