ਕੋਲਕਾਤਾ/ਚੋਪਰਾ, 16 ਜੂਨ

ਪੱਛਮੀ ਬੰਗਾਲ ਵਿੱਚ 8 ਜੁਲਾਈ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਅੱਜ ਦੋ ਜ਼ਿਲ੍ਹਿਆਂ ਵਿੱਚ ਹਿੰਸਾ ਭੜਕ ਗਈ, ਜਿਸ ਦੌਰਾਨ ਗੋਲੀਆਂ ਲੱਗਣ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਦੱਖਣ 24 ਪਰਗਨਾ ਜ਼ਿਲ੍ਹੇ ਦੇ ਭੰਗੋਰੇ ਵਿੱਚ ਦੋ ਜਣਿਆਂ, ਜਦਕਿ ਉੱਤਰੀ ਦੀਨਾਜਪੁਰ ਜ਼ਿਲ੍ਹੇ ਦੇ ਚੋਪਰਾ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ ਸੀ।

ਵਿਰੋਧੀ ਧਿਰਾਂ ਦੋਸ਼ ਲਾ ਰਹੀਆਂ ਹਨ ਕਿ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਨੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਲਈ ਹਿੰਸਾ ਦਾ ਸਹਾਰਾ ਲਿਆ। ਹਾਲਾਂਕਿ ਸੂਬਾ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਬੁੱਧਵਾਰ ਤੱਕ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨਾਲੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੇ ਵੱਧ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ।

ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੇ ਉੱਤਰ ਦੀਨਾਜਪੁਰ ਜ਼ਿਲ੍ਹੇ ਵਿੱਚ ਅੱਜ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਜਾ ਰਹੇ ਤਿੰਨ ਵਿਅਕਤੀਆਂ ਵਿੱਚੋਂ ਇੱਕ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ, ਜਦਕਿ ਦੋ ਦੀ ਹਾਲਤ ਗੰਭੀਰ ਹੈ। ਸੀਪੀਆਈ (ਐੱਮ) ਦੇ ਸੂਬਾ ਸਕੱਤਰ ਮੁਹੰਮਦ ਸਲੀਮ ਨੇ ਕਿਹਾ ਕਿ ਉਹ ਖੱਬੇ ਮੋਰਚੇ ਅਤੇ ਕਾਂਗਰਸ ਦੇ ਸਮਰਥਕ ਸਨ ਅਤੇ ਜਦੋਂ ਇਹ ਘਟਨਾ ਵਾਪਰੀ, ਉਦੋਂ ਉਹ ਨਾਮਜ਼ਦਗੀ ਦਾਖ਼ਲ ਕਰਨ ਲਈ ਚੋਪਰਾ ਬਲਾਕ ਦਫ਼ਤਰ ਜਾ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਤਿੰਨਾਂ ਜਣਿਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਾਜ ਚੋਣ ਕਮਿਸ਼ਨਰ ਰਾਜੀਵ ਸਿਨਹਾ ਨੇ ਘਟਨਾ ਸਬੰਧੀ ਕੋਈ ਵੀ ਪ੍ਰਤੀਕਿਰਿਆ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਹਾਲੇ ਤੱਕ ਕੋਈ ਸੂਚਨਾ ਪ੍ਰਾਪਤ ਨਹੀਂ ਹੋਈ ਹੈ। ਮੁਹੰਮਦ ਸਲੀਮ ਨੇ ਦੋਸ਼ ਲਾਇਆ ਕਿ ਇਸ ਹਮਲੇ ਪਿੱਛੇ ਟੀਐੱਮਸੀ ਦਾ ਹੱਥ ਹੈ। ਉਨ੍ਹਾਂ ਟਵੀਟ ਕੀਤਾ, ‘‘ਉੱਤਰੀ ਦੀਨਾਜਪੁਰ ਦੇ ਚੋਪਰਾ ਬਲਾਕ ਵਿੱਚ ਵਰਕਰਾਂ ਅਤੇ ਉਮੀਦਵਾਰਾਂ ’ਤੇ ਹੁਣੇ-ਹੁਣੇ ਤ੍ਰਿਣਮੂਲ ਕਾਂਗਰਸ ਦੇ ਗੁੰਡਿਆਂ ਨੇ ਗੋਲੀ ਚਲਾਈ। ਖੱਬੇ ਪੱਖੀ ਮੋਰਚੇ ਅਤੇ ਆਈਐੱਨਸੀ (ਇੰਡੀਅਨ ਨੈਸ਼ਨਲ ਕਾਂਗਰਸ) ਦੇ ਸਮਰਥਕ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬਲਾਕ ਦਫ਼ਤਰ ਜਾ ਰਹੇ ਸੀ।’’ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਦੋਸ਼ਾਂ ਨੂੰ ਨਕਾਰਿਆ ਹੈ।