ਚੰਡੀਗੜ੍ਹ: ਵੱਡੀਆਂ ਸ਼ਖ਼ਸੀਅਤਾਂ ਦੇ ਸਿਆਸੀ ਪਾਰਟੀਆਂ ਬਦਲਣ ਅਤੇ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਫਿਲਮ ਇੰਡਸਟਰੀ ਦਾ ਇੱਕ ਵੱਡਾ ਨਾਮ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਿਆ ਹੈ। ਦੱਸ ਦੇਈਏ ਕਿ ਸੋਨੀਆ ਮਾਨ ਅੱਜ ਆਪਣੀ ਸਿਆਸੀ ਪਾਰੀ ਸ਼ੁਰੂ ਕਰਨ ਜਾ ਰਹੀ ਹੈ।
ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਸ਼ਾਮਿਲ ਹੋਣ ਦਾ ਅਧਿਕਾਰਤ ਐਲਾਨ ਅੱਜ 12 ਵਜੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ। ਸੋਨੀਆ ਮਾਨ ਨੇ ਫਿਲਮ ਇੰਡਸਟਰੀ ਵਿੱਚ ਆਪਣੀ ਖਾਸ ਪਛਾਣ ਬਣਾਈ ਹੈ ਅਤੇ ਸਮਾਜਿਕ ਮੁੱਦਿਆਂ ‘ਤੇ ਵੀ ਉਹ ਖੁੱਲ੍ਹ ਕੇ ਬੋਲਦੀ ਨਜ਼ਰ ਆਉਂਦੀ ਹੈ। ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਬਾਰੇ ਲੰਬੇ ਸਮੇਂ ਤੋਂ ਚਰਚਾ ਸੀ, ਅਤੇ ਹੁਣ ਆਖਰਕਾਰ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਆਪਣੀ ਰਾਜਨੀਤਿਕ ਪਾਰੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਸੋਨੀਆ ਮਾਨ ਦਾ ਪਿਛੋਕੜ ਇੱਕ ਕਿਸਾਨ ਪਰਿਵਾਰ ਨਾਲ ਜੁੜਿਆ ਹੋਇਆ ਹੈ। ਉਹਨਾਂ ਦੇ ਪਿਤਾ ਬਲਦੇਵ ਸਿੰਘ ਵੀ ਇੱਕ ਕਿਸਾਨ ਯੂਨੀਅਨ ਨਾਲ ਜੁੜੇ ਹੋਏ ਹਨ। 3 ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਚੱਲੇ ਅੰਦੋਲਨ ਵਿੱਚ ਸੋਨੀਆ ਮਾਨ ਕਾਫੀ ਸਰਗਰਮ ਨਜ਼ਰ ਆਈ ਸੀ।