ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਹੜ੍ਹ ਪ੍ਰਭਾਵਿਤ ਸਰਕਾਰਾਂ ਨੂੰ ਸਟੇਟ ਡਿਜ਼ਾਸਟਰ ਰਿਸਪੌਂਸ ਫੰਡ (SDRF) ਦੀ ਦੂਜੀ ਕਿਸ਼ਤ ਜਾਰੀ ਕੀਤੀ ਹੈ। ਗ੍ਰਹਿ ਮੰਤਰਾਲੇ ਦੀ ਸਿਫਾਰਸ਼ ‘ਤੇ ਵਿੱਤੀ ਸਾਲ 2025-26 ਲਈ ਪੰਜਾਬ ਨੂੰ 240 ਕਰੋੜ ਰੁਪਏ ਅਤੇ ਹਿਮਾਚਲ ਪ੍ਰਦੇਸ਼ ਨੂੰ 198 ਕਰੋੜ ਰੁਪਏ ਦਿੱਤੇ ਗਏ ਹਨ।
ਇਹ ਰਾਸ਼ੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਲਈ ਜਾਰੀ ਕੀਤੀ ਗਈ ਹੈ। ਕੇਂਦਰ ਨੇ ਭਾਰਤੀ ਰਿਜ਼ਰਵ ਬੈਂਕ (RBI) ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਰਕਮ ਤੁਰੰਤ ਸਬੰਧਤ ਰਾਜ ਸਰਕਾਰਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇ, ਤਾਂ ਜੋ ਸਮੇਂ ਸਿਰ ਇਸਦੀ ਵਰਤੋਂ ਕੀਤੀ ਜਾ ਸਕੇ।
ਪੰਜਾਬ ਅਤੇ ਹਿਮਾਚਲ ਵਿੱਚ ਹੜ੍ਹ ਨਾਲ ਪ੍ਰਭਾਵਿਤ ਜਨਜੀਵਨ
ਮੰਤਰਾਲੇ ਦੇ ਅਨੁਸਾਰ, ਇਹ ਕਦਮ ਇਹ ਸੁਨਿਸ਼ਚਿਤ ਕਰਨ ਲਈ ਚੁੱਕਿਆ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾਂ ਆਵੇ। ਪੰਜਾਬ ਅਤੇ ਹਿਮਾਚਲ ਦੋਵਾਂ ਸੂਬਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਅਤੇ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ।
ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਜਰੂਰਤ ਪੈਣ ‘ਤੇ ਸੂਬਿਆਂ ਨੂੰ ਵਾਧੂ ਮਦਦ ਵੀ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਰਾਹਤ ਪਹੁੰਚਾਈ ਜਾ ਸਕੇ। ਪੰਜਾਬ ਵਿੱਚ ਲਗਭਗ 4 ਲੱਖ ਏਕੜ ਜ਼ਮੀਨ ਹੜ੍ਹ ਦੀ ਲਪੇਟ ਵਿੱਚ ਆਉਣ ਕਾਰਨ ਬਰਬਾਦ ਹੋ ਗਈ ਹੈ। ਨਾਲ ਹੀ, ਕੁਝ ਪਿੰਡ ਅਜਿਹੇ ਵੀ ਹਨ ਜੋ ਪੰਜਾਬ ਵਿੱਚ ਪੂਰੀ ਤਰ੍ਹਾਂ ਕੱਟੇ ਹੋਏ ਹਨ, ਜਿੱਥੇ ਪਹੁੰਚਣ ਦਾ ਰਸਤਾ ਸਿਰਫ਼ ਕਿਸ਼ਤੀਆਂ ਰਾਹੀਂ ਹੀ ਹੈ।