ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਟਿੱਪਣੀ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀਓ ਖਿਲਾਫ ਗ਼ਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਸਐਸਪੀ ਅੰਮ੍ਰਿਤਸਰ ਤੋਂ ਡੀਐਸਪੀ /ਐਸਪੀ ਪੱਧਰ ਦੇ ਅਧਿਕਾਰੀ ਰਾਹੀਂ 11 ਫਰਵਰੀ 2026 ਨੂੰ ਬਾਅਦ ਦੁਪਹਿਰ 3 ਵਜੇ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਇਸ ਵਾਇਰਲ ਵੀਡੀਓ ਸਬੰਧੀ ਸਪਸ਼ਟੀਕਰਨ ਦੇਣ ਲਈ 11 ਫਰਵਰੀ 2026 ਨੂੰ 3 ਵਜੇ ਤਲਬ ਕੀਤਾ ਗਿਆ ਹੈ।

ਦੱਸ ਦਈਏ ਕਿ ਪਿਛਲੇ ਦਿਨੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਸਿਆਸੀ ਰੈਲੀ ’ਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ‘ਤੇ ਇੱਕ ਟਿੱਪਣੀ ਕੀਤੀ ਸੀ ਜਿਸ ਨੂੰ ‘ਆਪ’ ਨੇ ਦਲਿਤ ਵਰਗ ’ਤੇ ਹਮਲਾ ਦੱਸਿਆ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਸੀ ਕਿ ਬਾਜਵਾ ਨੇ ਕੈਬਨਿਟ ਮੰਤਰੀ ਈ.ਟੀ.ਓ ਦੇ ਪਰਿਵਾਰਕ ਕਿੱਤੇ ਬਾਰੇ ਅਸੱਭਿਅਕ ਭਾਸ਼ਾ ਦੀ ਵਰਤੋਂ ਕੀਤੀ ਹੈ। ਇਸ ਸੰਬੰਧੀ ਵਾਇਰਲ ਹੋ ਰਹੀਆਂ ਵੀਡੀਓਜ਼ ਦੇ ਮੱਦੇਨਜ਼ਰ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਦਾ ਕਹਿਣਾ ਹੈ ਕਿ ਅਨੁਸੂਚਿਤ ਜਾਤੀਆਂ ਦਾ ਅਪਮਾਨ ਸਹਿਣ ਨਹੀਂ ਕੀਤਾ ਜਾਵੇਗਾ।