ਨਵੀਂ ਦਿੱਲੀ, 21 ਮਾਰਚ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਣ ਤੋਂ ਨਹੀਂ ਡਰਦੀ। ਉਨ੍ਹਾਂ ਦੀ ਇਹ ਟਿੱਪਣੀ ਪੰਜਾਬ ਪੁਲੀਸ ਵੱਲੋਂ ਵੱਖਵਾਦੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਮੈਂਬਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤੋਂ ਬਾਅਦ ਆਈ ਹੈ। ਸ੍ਰੀ ਕੇਜਰੀਵਾਲ ਨੇ ਕਿਹਾ, ‘ਜਦੋਂ ਅਸੀਂ ਪੰਜਾਬ ਵਿਚ ਸੱਤਾ ਵਿਚ ਆਏ ਤਾਂ ਲੋਕਾਂ ਨੇ ਕਿਹਾ ਕਿ ‘ਆਪ’ ਸਿਰਫ਼ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰਾਂ ਵਿਚ ਕੰਮ ਕਰ ਸਕਦੀ ਹੈ, ਕਾਨੂੰਨ ਵਿਵਸਥਾ ਨੂੰ ਸੰਭਾਲਣਾ ਮੁਸ਼ਕਲ ਹੋਵੇਗਾ। ਸਾਨੂੰ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ’ਚ ਜੋ ਮਿਲਿਆ ਹੈ, ਉਸ ਤੋਂ ਲੱਗਦਾ ਹੈ ਕਿ ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਹਾਸਲ ਸੀ ਪਰ ਸਾਡੀ ਸਰਕਾਰ ਇਮਾਨਦਾਰ ਹੈ। ਅਸੀਂ ਅਜਿਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਦੇ ਹਾਂ।’