ਰਾਜਪੁਰਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਵਾਲੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੈੱਟਵਰਕ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਉਨ੍ਹਾਂ ਭਾਰਤੀ ਨਾਗਰਿਕਾਂ ਨਾਲ ਸਬੰਧਤ ਹੈ ਜਿਨ੍ਹਾਂ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਅੰਮ੍ਰਿਤਸਰ ਭੇਜਿਆ ਗਿਆ ਸੀ। ਪੰਜਾਬ ਪੁਲਿਸ ਨੇ ਪੀੜਤਾਂ ਦੇ ਬਿਆਨ ਦਰਜ ਕੀਤੇ ਹਨ, ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਕੁਝ ਟਰੈਵਲ ਏਜੰਟਾਂ ਨੇ ਉਨ੍ਹਾਂ ਨੂੰ ਅਮਰੀਕਾ ਵਿੱਚ ਗੈਰ-ਕਾਨੂੰਨੀ ਦਾਖਲਾ ਦਿਵਾਉਣ ਦੇ ਝੂਠੇ ਵਾਅਦੇ ਕੀਤੇ ਸਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ‘ਤੇ ਪੁਲਿਸ ਨੇ ਕੁੱਲ 8 ਐਫਆਈਆਰ ਦਰਜ ਕੀਤੀਆਂ ਹਨ।
ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਸਬ-ਡਵੀਜ਼ਨ ਵਿੱਚ ਲੋਕਾਂ ਨੂੰ ਅਮਰੀਕਾ ਭੇਜਣ ਲਈ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ’ਤੇ ਥਾਣਾ ਸਿਟੀ ਦੇ ਐਸ.ਐਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ‘ਚ ਪੁਲਿਸ ਟੀਮ ਨੇ ਅਚਾਨਕ ਵੱਡੀ ਕਾਰਵਾਈ ਕਰਦੇ ਹੋਏ ਵੱਡੀ ਗਿਣਤੀ ‘ਚ ਪਾਸਪੋਰਟ ਅਤੇ ਫਾਈਲਾਂ ਆਪਣੇ ਕਬਜ਼ੇ ‘ਚ ਲੈ ਲਈਆਂ ਹਨ। ਥਾਣਾ ਸਿਟੀ ਦੇ ਐੱਸ.ਐੱਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਵਿੱਚ ਮੌਜੂਦ ਆਈਲੈਟਸ ਅਤੇ ਇਮੀਗ੍ਰੇਸ਼ਨ ਕੇਂਦਰਾਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਦਫ਼ਤਰਾਂ ਵਿੱਚੋਂ 60 ਦੇ ਕਰੀਬ ਪਾਸਪੋਰਟ ਜ਼ਬਤ ਕੀਤੇ ਗਏ ਹਨ ਅਤੇ ਜਾਂਚ ਲਈ ਕੁਝ ਫਾਈਲਾਂ ਅਤੇ ਡਾਇਰੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਦੀ ਡੂੰਘਾਈ ਨਾਲ ਜਾਂਚ ਕਰਨਗੇ ਅਤੇ ਇੱਥੇ ਮੌਜੂਦ ਪਾਸਪੋਰਟ ਮਾਲਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਤੋਂ ਪੁੱਛਣਗੇ ਕਿ ਉਨ੍ਹਾਂ ਨੇ ਇਹ ਪਾਸਪੋਰਟ ਇਨ੍ਹਾਂ ਕੇਂਦਰਾਂ ਵਿੱਚ ਕਿਉਂ ਜਮ੍ਹਾਂ ਕਰਵਾਏ ਹਨ। ਜੇਕਰ ਇਨ੍ਹਾਂ ‘ਚੋਂ ਕੋਈ ਗੈਰ ਕਾਨੂੰਨੀ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।