ਚੰਡੀਗੜ੍ਹ, 5 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਮਨੁੱਖੀ ਤਸਕਰੀ ਨੂੰ ਰੋਕਣ ਲਈ ਬਣਾਏ ਮਨੁੱਖੀ ਤਸਕਰੀ ਵਿਰੋਧੀ ਯੂਨਿਟ (ਏਐੱਚਟੀਯੂ) ਨੂੰ ਹੋਰ ਮਜ਼ਬੂਤ ਬਣਾਉਣ ਲਈ ਅੱਜ ਚੰਡੀਗੜ੍ਹ ’ਚ 16 ਹਾਈ-ਟੈਕ ਗੱਡੀਆਂ ਤੇ 56 ਮੋਟਰਸਾਈਕਲਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ’ਚ ਗ਼ੈਰਕਾਨੂੰਨੀ ਟਰੈਵਲ ਏਜੰਟਾਂ ਵੱਲੋਂ ਵੱਡੇ ਪੱਧਰ ’ਤੇ ਲੋਕਾਂ ਨਾਲ ਧੋਖਾਧੜੀ ਕੀਤੀ ਜਾਂਦੀ ਹੈ ਅਤੇ ਮਨੁੱਖੀ ਤਸਕਰੀ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਅਜਿਹੇ ਗ਼ੈਰਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ਗ਼ੈਰਕਾਨੂੰਨੀ ਟਰੈਵਲ ਏਜੰਟਾਂ ’ਤੇ ਨੱਥ ਪਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਸੋਧਾਂ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕੈਨੇਡਾ ’ਚ ਫਸੇ 700 ਦੇ ਕਰੀਬ ਵਿਦਿਆਰਥੀਆਂ ਦੇ ਮਸਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟਰੈਵਲ ਏਜੰਟਾਂ ਨੇ ਜਾਅਲੀ ਦਸਤਾਵੇਜ਼ਾਂ ’ਤੇ ਭੇਜ ਕੇ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹੇ ਅਪਰਾਧੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸੂਬਾ ਸਰਕਾਰ ਲਗਾਤਾਰ ਕੈਨੇਡੀਅਨ ਅੰਬੈਸੀ ਨਾਲ ਸੰਪਰਕ ਕਰ ਰਹੀ ਹੈ।
ਮੁੱਖ ਮੰਤਰੀ ਨੇ ਅੱਜ ਰਵਾਨਾ ਕੀਤੇ ਹਾਈ-ਟੈੱਕ ਵਾਹਨਾਂ ਬਾਰੇ ਕਿਹਾ ਕਿ ਇਨ੍ਹਾਂ ਵਾਹਨਾਂ ਨਾਲ ਸੂਬੇ ’ਚ ਅੌਰਤਾਂ ਤੇ ਬੱਚਿਆਂ ਦੀ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ’ਚ ਮਦਦ ਮਿਲੇਗੀ। ਇਹ ਵਾਹਨ ਐਡਵਾਂਸ ਮੋਬਾਈਲ ਨੈੱਟਵਰਕ ਵੀਡੀਓ ਰਿਕਾਰਡਿੰਗ ਸਿਸਟਮ (ਐੱਮਐੱਨਵੀਆਰਐਸ) ਅਧੀਨ ਚਾਰ ਕੈਮਰੇ-ਦੋ ਆਊਟਡੋਰ ਤੇ ਦੋ ਇਨਡੋਰ ਤੇ ਵਹੀਕਲ ਲੋਕੇਸ਼ਨ ਟਰੈਕਿੰਗ ਸਿਸਟਮ (ਵੀਐੱਲਟੀਐੱਸ) ਨਾਲ ਲੈਸ ਹਨ। ੳੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੜਕਾਂ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਤੇ ਸੜਕ ਹਾਦਸੇ ਰੋਕਣ ਲਈ ‘ਸੜਕ ਸੁਰੱਖਿਆ ਫੋਰਸ’ ਗਠਿਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫੋਰਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ’ਤੇ ਬੋਝ ਵੀ ਘਟੇਗਾ। ਇਸ ਮੌਕੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।