ਦਿੜ੍ਹਬਾ ਮੰਡੀ, 4 ਜੁਲਾਈ
ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਸਰਕਾਰ ਵੱਲੋਂ ਗੈਰਕਾਨੂੰਨੀ ਕਲੋਨੀਆਂ ਸਬੰਧੀ ਇਕ ਯੋਜਨਾ ਲਿਆਂਦੀ ਜਾਵੇਗੀ, ਜਿਸ ’ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹੁਣ ਕੋਈ ਵੀ ਕਲੋਨਾਈਜ਼ਰ ਗੈਰਕਾਨੂੰਨੀ ਕਲੋਨੀ ਨਹੀਂ ਕੱਟ ਸਕੇਗਾ। ਉਨ੍ਹਾਂ ਆਖਿਆ ਕਿ ਆਉਣ ਵਾਲੇ ਸਾਲਾਂ ’ਚ ਸੂਬੇ ਵਿੱਚ ਅਜਿਹਾ ਸਿਸਟਮ ਬਣਾਇਆ ਜਾਵੇਗਾ ਕਿ ਕਿਸੇ ਵੀ ਵਿਅਕਤੀ ਨੂੰ ਨਕਸ਼ਾ ਪਾਸ ਜਾਂ ਰਜਿਸਟਰੀ ਕਰਵਾਉਣ ਲਈ ਦਫ਼ਤਰਾਂ ਦੇ ਧੱਕੇ ਨਹੀਂ ਖਾਣੇ ਪੈਣਗੇ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪਾਸ ਬਜਟ ਕਿਸੇ ਵੀ ਵਰਗ ’ਤੇ ਬੋਝ ਨਹੀਂ ਬਣੇਗਾ ਕਿਉਂਕਿ ਇਹ ਸਾਰੇ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਪਾਸ ਕੀਤਾ ਗਿਆ ਹੈ। ਉਹ ਅੱਜ ਦਿੜ੍ਹਬਾ ਹਲਕੇ ਦੇ ਲੋਕਾਂ ਦੇ ਰੂ-ਬ-ਰੂ ਹੋਣ ਆਏ ਸਨ। ਉਨ੍ਹਾਂ ਦੱਸਿਆ ਕਿ ਪਹਿਲੀ ਜੁਲਾਈ ਤੋਂ ਜੋ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਉਹ ਸਾਰੇ ਵਰਗਾਂ ਦੇ ਖ਼ਪਤਕਾਰਾਂ ਨੂੰ ਦਿੱਤੀ ਗਈ ਹੈ। ਇਹ ਯੋਜਨਾ ਸਾਰੇ ਵਰਗਾਂ ਲਈ ਲਾਗੂ ਹੋਵੇਗੀ।
ਉਨ੍ਹਾਂ ਕਿਹਾ ਕਿ ਪੇਂਡੂ ਤੇ ਸ਼ਹਿਰੀ ਖੇਤਰ ਦੇ ਲੋਕ ਇਸ ਯੋਜਨਾ ਦਾ ਭਰਪੂਰ ਲਾਹਾ ਲੈਣਗੇ। ਇਸ ਦੌਰਾਨ ਈਜੀਐੱਸ ਅਤੇ ਹੋਰ ਸ਼੍ਰੇਣੀਆਂ ਦੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਸ੍ਰੀ ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਅਜਿਹੀ ਕਮੇਟੀ ਬਣਾਈ ਹੈ, ਜਿਹੜੀ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰੇਗੀ ਤਾਂ ਜੋ ਕਿਤੇ ਵੀ ਕੋਈ ਕਾਨੂੰਨੀ ਰੁਕਾਵਟ ਨਾ ਆਵੇ।
ਇਸ ਸਬੰਧੀ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਸੁਪਰੀਮ ਕੋਰਟ ਦੀਆਂ ਜੋ ਵੀ ਗਾਈਡ ਲਾਈਨਜ਼ ਹੋਣਗੀਆਂ, ਉਸ ਤਹਿਤ ਹੀ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਨਸ਼ਿਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ’ਤੇ ਠੱਲ੍ਹ ਪਾਉਣ ਲਈ ਜਿੱਥੇ ਨਸ਼ਾ ਛੁਡਾਊ ਕੇਂਦਰਾਂ ਦੀ ਗਿਣਤੀ ਵਧਾਈ ਗਈ ਹੈ, ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਤਾਂ ਨਸ਼ਾਂ ਆਪਣੇ ਆਪ ਹੀ ਖ਼ਤਮ ਹੋ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਦਰਸ਼ਨ ਸਿੰਘ ਘੁਮਾਣ, ਮਨਿੰਦਰ ਸਿੰਘ, ਨਿੱਕਾ ਸਿੰਘ ਹਾਜ਼ਰ ਸਨ।