ਜਲੰਧਰ: ਜਲੰਧਰ ‘ਚ ਪੁਲਿਸ ਵੱਲੋਂ ਗਣਤੰਤਰ ਦਿਵਸ ਮੌਕੇ ਸ਼ਹਿਰ ‘ਚ ਨਾਕਾਬੰਦੀ ਕਰਕੇ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਚੈਕ ਕਰਨ ਲਈ ਅਚਨਚੇਤ ਸ਼ਹਿਰ ਦੇ ਰਾਮਾ ਮੰਡੀ ਥਾਣੇ ਪੁੱਜੇ ਅਤੇ ਸਾਰੇ ਸਾਮਾਨ ਦੀ ਜਾਂਚ ਕੀਤੀ। ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਦੀ ਵਿਕਰੀ ‘ਤੇ ਪੂਰਨ ਪਾਬੰਦੀ ਹੈ ਪਰ ਇਸ ਦੇ ਬਾਵਜੂਦ ਚਾਈਨਾ ਡੋਰ ਦੀ ਵਿਕਰੀ ਹੋ ਰਹੀ ਹੈ। ਪਰ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਨਾਲ ਕਈ ਲੋਕਾਂ ਦੀ ਮੌ.ਤ ਹੋ ਜਾਂਦੀ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਇਸ ਮਾਰੂ ਧਾਗੇ ਖ਼ਿਲਾਫ਼ ਕਾਰਵਾਈ ਕਰਨ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਲਈ ਮੁਹਿੰਮ ਵਿੱਢੀ ਗਈ ਹੈ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪਿਛਲੇ ਸਾਲ ਪੁਲਿਸ ਵੱਲੋਂ 109 ਕੇਸ ਦਰਜ ਕੀਤੇ ਗਏ ਸਨ। ਇਸ ਸਾਲ ਜਨਵਰੀ ਮਹੀਨੇ ਤੱਕ 100 ਤੋਂ ਵੱਧ ਪਰਚੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਤੰਗ ਉਡਾਉਣ ਵਿੱਚ ਦੋ ਮਹੀਨੇ ਹਨ, ਅਜਿਹੇ ਵਿੱਚ ਚਾਈਨਾ ਡੋਰ ਦੀ ਵਿਕਰੀ ਸ਼ੁਰੂ ਹੋ ਜਾਂਦੀ ਹੈ।
ਇਸ ਸਬੰਧੀ ਲੋਕਾਂ ਨੂੰ ਅਪੀਲ ਕਰਦੇ ਹੋਏ ਅਰਪਿਤ ਸ਼ੁਕਲਾ ਨੇ ਕਿਹਾ ਕਿ ਉਹ 112 ਨੰਬਰ ‘ਤੇ ਫੋਨ ਕਰਕੇ ਸੂਚਨਾ ਦੇਣ ਜਾਂ ਪੁਲਿਸ ਨੂੰ ਸਿੱਧੀ ਸੂਚਨਾ ਦੇਣ, ਜਿਸ ਕਾਰਨ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ। ਪੁਲਿਸ ਵੱਲੋਂ ਦੁਕਾਨਦਾਰਾਂ ਨਾਲ ਕੀਤੀ ਗਈ ਗੱਲਬਾਤ ਬਾਰੇ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਥੋਕ ਵਪਾਰੀਆਂ ਨਾਲ ਮੀਟਿੰਗ ਕਰਕੇ ਚਾਈਨਾ ਡੋਰ ਨਾ ਵੇਚਣ ਦੀ ਅਪੀਲ ਕੀਤੀ ਗਈ ਹੈ।