ਚੰਡੀਗੜ੍ਹ, 17 ਅਗਸਤ

ਪੰਜਾਬ ਦੇ ਵਿਧਾਇਕਾਂ ਨੂੰ ਕਈ ਪੈਨਸ਼ਨਾਂ ਦੇਣ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨਾਲ ਇਥੇ ਮੁਲਾਕਾਤ ਕੀਤੀ। ਉਨ੍ਹਾਂ ਨੇ ਵਿਧਾਇਕਾਂ ਨੂੰ ਇਕ ਤੋਂ ਵੱਧ ਪੈਨਸ਼ਨਾਂ ਬੰਦ ਕਰਨ ਦੀ ਮੰਗ ਕੀਤੀ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸਾਲ 2004 ’ਚ ਸੁਧਾਰਾਂ ਦੇ ਨਾਮ ’ਤੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਮਿਲਦੀ ਪੈਨਸ਼ਨ ਸਕੀਮ ਬੰਦ ਕਰ ਦਿੱਤੀ, ਜਿਸ ਦਾ ਸੁਮੱਚੇ ਕਰਮਚਾਰੀ ਅਤੇ ਪੈਨਸ਼ਨਰ ਵਰਗ ਨੇ ਵਿਰੋਧ ਕੀਤਾ। ਦੂਜੇ ਪਾਸੇ ਪੰਜਾਬ ਵਿੱਚ ਵਿਧਾਇਕਾਂ ਨੂੰ ਕਈ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤਰ੍ਹਾਂ ਕਈ ਰਾਜਸੀ ਆਗੂ 5-5 ਪੈਨਸ਼ਨਾਂ ਦੇ ਆਨੰਦ ਭੋਗ ਰਹੇ ਹਨ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਅਗਾਮੀ ਵਿਧਾਨ ਸਭਾ ਸੈਸ਼ਨ ਦੌਰਾਨ ਕਾਨੂੰਨ ਪਾਸ ਕਰਕੇ ਇਕ ਤੋਂ ਵੱਧ ਪੈਨਸ਼ਨ ਨਿਯਮ ਨੂੰ ਖ਼ਤਮ ਕੀਤਾ ਜਾਵੇ।