ਚੰਡੀਗੜ੍ਹ, 3 ਜੁਲਾਈ
ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰ ਖੇਤ ਨੂੰ ਨਹਿਰੀ ਪਾਣੀ ਦੇਣ ਦੇ ਮਿਸ਼ਨ ਨੂੰ ਲੈ ਕੇ ਨਹਿਰੀ ਢਾਂਚੇ ਦੇ ਸੁਧਾਰ ਲਈ ਚੁੱਕੇ ਕਦਮਾਂ ਬਾਰੇ ਦੱਸਿਆ ਕਿ ਪੰਜਾਬ ਵਿੱਚ ਦਹਾਕਿਆਂ ਤੋਂ ਬੰਦ ਪਏ 13,471 ਨਹਿਰੀ ਖਾਲ਼ੇ ਬਹਾਲ ਕਰ ਦਿੱਤੇ ਗਏ ਹਨ। ਇਨ੍ਹਾਂ ਜ਼ਰੀਏ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਣ ਲੱਗਾ ਹੈ। ਉਨ੍ਹਾਂ ਅੱਜ ਇੱਥੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਨਹਿਰੀ ਪਾਣੀ ਨਾ ਮਿਲਣ ਕਾਰਨ ਸੂਬੇ ਵਿੱਚ ਬੰਦ ਕੀਤੇ ਸਿੰਜਾਈ ਵਾਲੇ 15,741 ਨਹਿਰੀ ਖਾਲਾਂ ’ਚੋਂ 13,471 ਖਾਲਾਂ ਨੂੰ ਜਲ ਸਰੋਤ ਵਿਭਾਗ ਨੇ ਪਿਛਲੇ ਢਾਈ ਮਹੀਨਿਆਂ ਦੌਰਾਨ ਬਹਾਲ ਕੀਤਾ ਹੈ। ਹੁਣ ਪੰਜਾਬ ਵਿੱਚ ਕੁੱਲ 47,000 ਖਾਲਾਂ ’ਚੋਂ ਸਿਰਫ਼ 2,270 ਖਾਲਿਆਂ ਨੂੰ ਬਹਾਲ ਕਰਨਾ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਹ ਖਾਲ਼ੇ ਬੰਦ ਕਰ ਕੇ ਪੱਧਰੇ ਕਰ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ 25 ਸਾਲ ਬਾਅਦ ਹੀ ਖਾਲ਼ਿਆਂ ਦੀ ਮੁਰੰਮਤ ਕਰਨ ਦੀ ਸ਼ਰਤ ਖ਼ਤਮ ਕੀਤੀ ਗਈ ਹੈ। ਮਗਨਰੇਗਾ ਰਾਹੀਂ 200 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਬੰਦ ਪਏ ਖਾਲ਼ਿਆਂ ਨੂੰ ਬਹਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 20 ਫ਼ੀਸਦੀ ਤੋਂ ਵੱਧ ਨਹਿਰਾਂ ਆਪਣੀ ਸਮਰੱਥਾ ਤੋਂ ਵੱਧ ਚੱਲ ਰਹੀਆਂ ਹਨ ਜਿਸ ਕਾਰਨ ਟੇਲਾਂ ’ਤੇ ਵੀ ਲੋੜੀਂਦਾ ਪਾਣੀ ਪਹੁੰਚ ਰਿਹਾ ਹੈ। ਭਾਖੜਾ ਮੇਨ ਲਾਈਨ, ਬਿਸਤ ਦੁਆਬ ਨਹਿਰ ਤੇ ਅੱਪਰਬਾਰੀ ਦੁਆਬ ਨਹਿਰ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਤੱਕ ਪੰਜਾਬ ਵਿੱਚ ਨਹਿਰੀ ਪਾਣੀ ਨਾਲ ਸਿਰਫ਼ 21 ਫ਼ੀਸਦੀ ਸਿੰਜਾਈ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਕੇ ਜ਼ਮੀਨੀ ਪਾਣੀ ਅਤੇ ਸੂਬੇ ਦੀ ਕਿਸਾਨੀ ਨੂੰ ਬਚਾਇਆ ਜਾ ਸਕਦਾ ਹੈ।
ਮੰਤਰੀ ਨੇ ਦੱਸਿਆ ਕਿ ਨਹਿਰੀ ਪਾਣੀ ਦੇ ਝਗੜਿਆਂ ਦੇ 4700 ਨਵੇਂ ਕੇਸ ਆਏ। ਵਿਭਾਗ ਵੱਲੋਂ 5016 ਕੇਸ ਹੱਲ ਕੀਤੇ ਗਏ ਹਨ। ਇਸ ਦੌਰਾਨ ਬੈਕਲਾਗ ਵੀ ਦੂਰ ਕਰ ਦਿੱਤਾ ਗਿਆ ਹੈ। ਹੁਣ ਸਿਰਫ਼ 1,563 ਕੇਸ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਗਏ ਹਨ।