ਜਲੰਧਰ, 23 ਅਪਰੈਲ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ’ਤੇ ਪ੍ਰਤੀਕਿਰਿਆ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਹਨ ਤੇ ਸੂਬੇ ਦਾ ਵਿਕਾਸ ਚਾਹੁੰਦੇ ਹਨ। ਇਤਿਹਾਸ ਗਵਾਹ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਹ ਸਫ਼ਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਅਜਨਾਲਾ ਕਾਂਡ ਦੌਰਾਨ ਅੰਮ੍ਰਿਤਪਾਲ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਢਾਲ ਵਜੋਂ ਵਰਤ ਕੇ ਆਪਣੇ ਸਾਥੀ ਨੂੰ ਪੁਲੀਸ ਦੀ ਹਿਰਾਸਤ ’ਚੋਂ ਛੁਡਵਾਇਆ, ਜਦਕਿ ਇਹ ਕੰਮ ਕਾਨੂੰਨੀ ਪ੍ਰਕਿਰਿਆ ਰਾਹੀਂ ਵੀ ਹੋ ਸਕਦਾ ਸੀ। ਸ੍ਰੀ ਚੀਮਾ ਨੇ ਕਿਹਾ ਕਿ ਉਸ ਵੇਲੇ ਪੰਜਾਬ ਪੁਲੀਸ ਦੀ ਸਮਝਦਾਰੀ ਕਰਕੇ ਉਸ ਸੰਵੇਦਨਸ਼ੀਲ ਮਾਹੌਲ ’ਚ ਸ਼ਾਂਤੀ ਕਾਇਮ ਰੱਖੀ ਜਾ ਸਕੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲੀਸ ਨੇ ਸ਼ਾਂਤੀਪੂਰਨ ਢੰਗ ਨਾਲ ਪੂਰੀ ਸਥਿਤੀ ਨੂੰ ਕਾਬੂ ਕੀਤਾ। ਚੀਮਾ ਨੇ ਕਿਹਾ ਕਿ 18 ਮਾਰਚ ਨੂੰ ਵੀ ਅੰਮ੍ਰਿਤਪਾਲ ਕਾਨੂੰਨ ਦਾ ਸਾਹਮਣਾ ਕਰਨ ਦੀ ਥਾਂ ਭੱਜ ਗਿਆ ਤੇ ਹੁਣ 36 ਦਿਨਾਂ ਦੇ ਲੰਬੇ ਅਪਰੇਸ਼ਨ ਮਗਰੋਂ ਪੰਜਾਬ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਅੰਮ੍ਰਿਤਪਾਲ ਨੇ ਅਜਨਾਲਾ ਕਾਂਡ ਵਰਗਾ ਸਟੰਟ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਪੰਜਾਬ ਪੁਲੀਸ ਨੇ ਹੁਸ਼ਿਆਰੀ ਨਾਲ ਸਥਿਤੀ ਕਾਬੂ ਹੇਠ ਕਰ ਲਈ। ਸ੍ਰੀ ਚੀਮਾ ਨੇ ਅਕਾਲੀ-ਭਾਜਪਾ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਤੇ ਗੋਲੀਬਾਰੀ ’ਚ ਲੋਕ ਮਾਰੇ ਗਏ।