ਨਵੀਂ ਦਿੱਲੀ, 5 ਜਨਵਰੀ
ਭਾਜਪਾ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿਦਰ ਮੋਦੀ ਨੂੰ ‘ਸਰੀਰਕ ਤੌਰ ਉੱਤੇ’ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੇ ਮਨਸੂਬਿਆ ਵਿੱਚ ਸਫਲ ਨਹੀਂ ਹੋ ਸਕੀ। ਇਥੇ ਭਾਜਪਾ ਦੇ ਹੈੱਡਕੁਆਰਟਰ ’ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲਾਂ ਅਜਿਹਾ ਕਦੇ ਵੀ ਨਹੀਂ ਹੋਇਆ ਕਿ ਕਿਸੇ ਸੂਬੇ ਦੀ ਸਰਕਾਰ ਨੇ ਜਾਣਬੁੱਝ ਕੇ ਅਜਿਹੇ ਹਾਲਾਤ ਪੈਦਾ ਕੀਤੇ ਹੋਣ ਕਿ ਪ੍ਰਧਾਨ ਮੰਤਰੀ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ। ਪੰਜਾਬ ਸਰਕਾਰ ’ਤੇ ਸ਼ਬਦੀ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੁਲੀਸ ਨੂੰ ਨਿਰਦੇਸ਼ ਦਿੱਤੇ ਗਏ ਕਿ ਪ੍ਰਧਾਨ ਮੰਤਰੀ ਦੀ ‘ਸੁਰੱਖਿਆ ਵਿੱਚ ਸੇਂਧ ਲਾਈ ਜਾਵੇ ਤੇ ਉਨ੍ਹਾਂ ਨੂੰ ਸਰੀਰਕ ਤੌਰ ’ਤੇ ਨੁਕਸਾਨ ਪਹੁੰਚਾਇਆ ਜਾਵੇ’। ਉਨ੍ਹਾਂ ਕਿਹਾ ਕਿ ਅਸੀ ਜਾਣਦੇ ਹਾਂ ਕਿ ਕਾਂਗਰਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਫਰਤ ਕਰਦੀ ਹੈ ਪਰ ਅੱਜ ਤਾਂ ਪ੍ਰਧਾਨ ਮੰਤਰੀ ਨੂੰ ਸਰੀਰਕ ਤੌਰ ’ਤੇ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕੀਤੀ ਗਈ।