ਅੰਮ੍ਰਿਤਸਰ: ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਅੱਜ ਸਵੇਰੇ ਕਰੀਬ 5 ਵਜੇ ਅੰਮ੍ਰਿਤਸਰ ਦੇ ਕੋਰਟ ਰੋਡ ਰੇਲਵੇ ਸਟੇਸ਼ਨ ਨੇੜੇ ਇੱਕ ਮਸ਼ਹੂਰ ਪਲਾਈਵੁੱਡ ਮਾਰਕਿਟ ਵਿੱਚ ਅੱਗ ਲੱਗ ਗਈ। ਇਹ ਦੁਕਾਨ ਤਿੰਨ ਮੰਜ਼ਿਲਾ ਸੀ ਅਤੇ ਅੱਗ ਲੱਗਣ ਕਾਰਨ ਦੁਕਾਨ ਦੇ ਨਾਲ-ਨਾਲ ਬਾਕੀ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਇਹ ਪਲਾਈਵੁੱਡ ਮਾਰਕੀਟ ਸੀ, ਇੱਥੇ ਲੱਕੜ ਦਾ ਸਾਰਾ ਕੰਮ ਹੁੰਦਾ ਸੀ, ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਪੂਰੀ ਮਾਰਕਿਟ ਅੱਗ ਦੀ ਲਪੇਟ ‘ਚ ਆ ਗਈ।
ਮੌਕੇ ‘ਤੇ ਖੜ੍ਹੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਮੁਲਾਜ਼ਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ, ਬਟਾਲਾ ਅਤੇ ਅੰਮ੍ਰਿਤਸਰ ਤੋਂ ਕਰੀਬ 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ, ਜਿਨ੍ਹਾਂ ਨੇ ਅੱਗ ‘ਤੇ ਕਾਬੂ ਪਾਇਆ ਹੈ।
ਇਸ ਮੌਕੇ ਦੁਕਾਨ ਮਾਲਕ ਨੇ ਦੱਸਿਆ ਕਿ ਸਾਨੂੰ ਸਵੇਰੇ ਪਤਾ ਲੱਗਾ ਕਿ ਸਾਡੀ ਮੰਡੀ ਵਿੱਚ ਅੱਗ ਲੱਗੀ ਹੈ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਪਰ ਸਾਡਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਹੁਣ ਅੱਗ ਬੁਝਾਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿੰਨਾ ਨੁਕਸਾਨ ਹੋਇਆ ਹੈ।