ਲਖਨਊ, 17 ਜੁਲਾਈ-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਕਿਸਾਨ ਅੰਦੋਲਨ ਬਾਰੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਅੱਜ ਟਵੀਟ ਵਿੱਚ, ਉਨ੍ਹਾਂ ਕਿਹਾ, ‘ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕਿਸਾਨ ਅੰਦੋਲਨ ਬਾਰੇ ਵੱਖ-ਵੱਖ ਖਦਸ਼ਿਆਂ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ਜੋ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਨ ਤਲੀ ’ਤੇ ਰੱਖ ਕੇ ਸੰਘਰਸ਼ ਕਰ ਰਹੇ ਹਨ। ਇਹ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਤੇ ਚੋਣ ਰਾਜਨੀਤੀ ਕਰਨ ਦੀ ਸਾਜ਼ਿਸ਼ ਹੈ।’ ਉਨ੍ਹਾਂ ਕਿਹਾ ਕਿ ਸਰਹੱਦੀ ਰਾਜ ਪੰਜਾਬ ਸਾਹਮਣੇ ਜੋ ਚੁਣੌਤੀਆਂ ਹਨ ਉਨ੍ਹਾਂ ਪ੍ਰਤੀ ਗੰਭੀਰ ਹੋ ਕੇ ਕੇਂਦਰ ਤੋਂ ਸਹਿਯੋਗ ਲੈਣਾ ਗਲਤ ਨਹੀਂ ਹੈ ਪਰ ਇਸ ਦੇ ਓਹਲੇ ਵਿੱਚ ਕਿਸਾਨਾਂ ਨੂੰ ਬਦਨਾਮ ਕਰਨਾ ਸਾਜ਼ਿਸ਼ ਹੈ ਪਰ ਕਾਂਗਰਸ ਨੂੰ ਇਸ ਦਾ ਕੋਈ ਲਾਹਾ ਨਹੀਂ ਮਿਲਣਾ।