ਅੰਮ੍ਰਿਤਸਰ, 22 ਦਸੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੁਝ ਸਮਾਂ ਪਹਿਲਾਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਆਪਣੇ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਅੱਜ ਸਾਬਤ ਹੋ ਗਿਆ ਹੈ ਕਿ ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਆਪਸ ਵਿੱਚ ਰਲੇ ਹੋਏ ਹਨ। ਉਹ ਅੱਜ ਇੱਥੇ ਆਪਣੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲ ਕਰ ਰਹੇ ਸਨ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਕੇਸ ਦੇ ਸਬੰਧ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਟਿੱਪਣੀ ਬਾਰੇ ਸ੍ਰੀ ਸਿੱਧੂ ਨੇ ਕਿਹਾ ਕਿ ਸਾਢੇ ਚਾਰ ਸਾਲ ਸਾਬਕਾ ਮੁੱਖ ਮੰਤਰੀ ਨੇ ਸਿੱਟ ਦੀ ਇਸ ਸਬੰਧੀ ਰਿਪੋਰਟ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਦੋਂ ਕਿ ਵੱਡੀ ਗਿਣਤੀ ਕਾਂਗਰਸੀ ਵਿਧਾਇਕ ਇਸ ਰਿਪੋਰਟ ’ਤੇ ਕਾਰਵਾਈ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਝੂਠੇ ਵਾਅਦਿਆਂ ਨਾਲ ਅਗਾਂਹ ਨਹੀਂ ਲਿਜਾਇਆ ਜਾ ਸਕਦਾ ਤੇ ਵਿਕਾਸ ਲਈ ਠੋਸ ਨੀਤੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਤਾਂ ਉਹ ਪੰਜਾਬ ਲਈ ਬਣਾਏ ਰੋਡਮੈਪ ਰਾਹੀਂ ਸੂਬੇ ਨੂੰ ਤਰੱਕੀ ਵੱਲ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਜੋ ਜ਼ਿੰਮੇਵਾਰੀ ਮਿਲੀ ਹੈ ਉਸ ਨੂੰ ਵੀ ਉਹ ਤਨਦੇਹੀ ਨਾਲ ਨਿਭਾ ਰਹੇ ਹਨ। ਬੇਅਦਬੀ ਮਾਮਲਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠਿਆ ਹੈ ਅਤੇ ਲੋਕ ਖ਼ੁਦ ਇਨਸਾਫ਼ ਕਰਨ ਦੇ ਰਾਹ ਤੁਰ ਪਏ ਹਨ।