ਮਾਨਸਾ 2 ਜੁਲਾਈ
ਪੰਜਾਬ ਸਰਕਾਰ ਵੱਲ੍ਹੋਂ ਸਾਰੀਆਂ ਜਮਾਤਾਂ ਲਈ ਸਕੂਲਾਂ ਖੋਲ੍ਹਣ ਦੇ ਐਲਾਨ ਤੋਂ ਬਾਅਦ ਸਕੂਲਾਂ ਵਿੱਚ ਫਿਰ ਤੋਂ ਰੌਣਕਾਂ ਪਰਤ ਆਈਆਂ ਹਨ। ਪਹਿਲਾ ਦਿਨ ਹੋਣ ਦੇ ਬਾਵਜੂਦ ਵੀ ਵਿਦਿਆਰਥੀਆਂ ਦੀ ਹਾਜ਼ਰੀ ਚੰਗੀ ਰਹੀ ਹੈ। ਇਸੇ ਦੌਰਾਨ ਕਰੋਨਾ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਕਈ ਮੁਸ਼ਕਲਾਂ ਆਈਆਂ ਪਰ ਇਸ ਦੇ ਬਾਵਜੂਦ ਅਧਿਆਪਕਾਂ ਦੇ ਚਿਹਰੇ ਖਿੜੇ ਹੋਏ ਸਨ। ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਨ ਉਪਰੰਤ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸੰਜੀਵ ਕੁਮਾਰ ਗੋਇਲ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ’ਚ ਪਹਿਲਾ ਦਿਨ ਹੋਣ ਦੇ ਬਾਵਜੂਦ ਹਾਜ਼ਰੀ 70 ਪ੍ਰਤੀਸ਼ਤ ਦੇ ਕਰੀਬ ਰਹੀ।

ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਬਾਘਾ ਵਿੱਚ ਬੱਚਿਆਂ ਅਤੇ ਅਧਿਆਪਕਾਂ ਨੂੰ ਉਤਸ਼ਾਹਤ ਕਰਦਿਆਂ ਕਰੋਨਾ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਡਿਪਟੀ ਡੀਈਓ ਗੁਰਲਾਭ ਸਿੰਘ ਨੇ ਦੱਸਿਆ ਕਿ ਅੱਜ ਪ੍ਰਾਇਮਰੀ ਸਕੂਲਾਂ ਦੇ ਵਿੱਚ ਬੱਚਿਆਂ ਦੀ ਆਮਦ ਮੌਕੇ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਧਰ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਅਤੇ ਅਧਿਆਪਕ ਖੁਸ਼ ਹਨ। ਉਨ੍ਹਾਂ ਦੇ ਆਰਥਿਕ ਸਿਸਟਮ ਨੂੰ ਵੀ ਬੰਦ ਸਕੂਲਾਂ ਕਾਰਨ ਖੋਰਾ ਲੱਗ ਰਿਹਾ ਸੀ। ਸਾਰੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹਣ ਤੋਂ ਬਾਅਦ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ।