ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੜ੍ਹਾਂ ਨੂੰ ‘ਗੰਭੀਰ ਆਫ਼ਤ’ ਦਾ ਦਰਜਾ ਦੇਣ ਮਗਰੋਂ, ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਰਿਪੋਰਟ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਐਲਾਨ ਨਾਲ ਸੂਬਾ ਸਰਕਾਰ ਨੂੰ ਕੇਂਦਰ ਤੋਂ ਵਧੇਰੇ ਮਾਲੀ ਸਹਾਇਤਾ ਮਿਲਣ ਦੀ ਉਮੀਦ ਜਾਗੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਟੀਮਾਂ ਨੇ ਪੰਜਾਬ ਦੇ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਕੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੀ ਸੀ।

11 ਸਤੰਬਰ ਨੂੰ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਹੜ੍ਹਾਂ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਨੂੰ ‘ਗੰਭੀਰ ਆਫ਼ਤ’ ਦੀ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ। 16 ਸਤੰਬਰ ਨੂੰ ਕੇਂਦਰ ਨੇ ਪੰਜਾਬ ਸਰਕਾਰ ਨੂੰ ਇਸ ਫ਼ੈਸਲੇ ਬਾਰੇ ਸੂਚਿਤ ਕੀਤਾ। ਇਸ ਸ਼੍ਰੇਣੀ ਵਿੱਚ ਸ਼ਾਮਲ ਹੋਣ ਨਾਲ ਸੂਬੇ ਨੂੰ ਮੁਆਵਜ਼ੇ ਵਿੱਚ ਵਾਧੇ ਦੀ ਸੰਭਾਵਨਾ ਹੈ।

ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਦਿੱਲੀ ਵਿੱਚ ਕੇਂਦਰੀ ਮੰਤਰਾਲਿਆਂ ਨਾਲ ਸੰਪਰਕ ਕਰਕੇ ਇਸ ਸ਼੍ਰੇਣੀ ਅਧੀਨ ਮਿਲਣ ਵਾਲੀ ਰਾਹਤ ਦੀ ਜਾਣਕਾਰੀ ਇਕੱਠੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ। ਸੂਬਾ ਸਰਕਾਰ ਨੇ ਉੱਚ ਪੱਧਰੀ ਬੈਠਕਾਂ ਵੀ ਕੀਤੀਆਂ ਅਤੇ ‘ਪੋਸਟ ਡਿਜ਼ਾਸਟਰ ਨੀਡਜ਼ ਅਸੈਸਮੈਂਟ’ (PDNA) ਰਿਪੋਰਟ ਤਿਆਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਨੁਕਸਾਨ ਦੇ ਮੁਲਾਂਕਣ ਲਈ ਅੰਤਰਰਾਸ਼ਟਰੀ ਮਾਪਦੰਡਾਂ ’ਤੇ ਅਧਾਰਤ PDNA ਫਰੇਮਵਰਕ ਨੂੰ ਅਪਣਾਇਆ ਹੈ।

ਮਾਲ ਵਿਭਾਗ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਤਿਆਰ ਕਰਨ। ਸੂਬਾ ਸਰਕਾਰ ਨੂੰ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਇਹ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪਣੀ ਹੈ। ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਲਈ ਸਪੱਸ਼ਟ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ।

ਦਾਨੀ ਸੱਜਣਾਂ ਦਾ ਸਹਿਯੋਗ

ਪੰਜਾਬ ਸਰਕਾਰ ਦੀ ਵਿੱਤੀ ਸਥਿਤੀ ਕਿਸੇ ਤੋਂ ਲੁਕੀ ਨਹੀਂ ਹੈ, ਅਤੇ ਹੜ੍ਹਾਂ ਤੋਂ ਉਭਰਨਾ ਸੂਬੇ ਲਈ ਵੱਡੀ ਚੁਣੌਤੀ ਹੈ। ਇਸ ਲਈ ਸਰਕਾਰ ਨੇ ਦਾਨੀ ਸੱਜਣਾਂ ਦੀ ਮਦਦ ’ਤੇ ਭਰੋਸਾ ਜਤਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਹੁਣ ਤੱਕ ਲਗਭਗ ਇੱਕ ਹਜ਼ਾਰ ਦਾਨੀ ਸੱਜਣਾਂ ਨੇ ਸਹਿਯੋਗ ਦਿੱਤਾ ਹੈ।