ਚੰਡੀਗੜ, 8 ਨਵੰਬਰ: ਸਰਬੱਤ ਸਿਹਤ ਬੀਮਾ ਯੋਜਨਾ ਨੂੰ ਮੀਲ ਦਾ ਪੱਥਰ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ 50 ਹਜ਼ਾਰ ਤੋਂ ਵੱਧ ਮਰੀਜ਼ ਇਸ ਯੋਜਨਾ ਤਹਿਤ 55 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਮੁਫ਼ਤ ਕਰਵਾ ਚੁੱਕੇ ਹਨ।

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਪਹਿਲਕਦਮੀ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੀ 75 ਫੀਸਦੀ ਆਬਾਦੀ ਕਵਰ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਪੰਜ ਲੱਖ ਤੱਕ ਦਾ ਇਲਾਜ ਮੁਫ਼ਤ ਕਰਵਾ ਸਕਦੇ ਹਨ ਅਤੇ ਰਾਜ ਦੇ 600 ਤੋਂ ਵੱਧ ਹਸਪਤਾਲਾਂ, ਜਿਨਾਂ ਵਿੱਚ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਹਨ, ਨੂੰ ਇਲਾਜ ਕਰਨ ਵਾਲੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿੱਥੋਂ ਇਸ ਯੋਜਨਾ ਤਹਿਤ ਲਾਭਪਾਤਰੀ ਆਪਣਾ ਇਲਾਜ ਕਰਵਾ ਸਕਦੇ ਹਨ।

ਸਿਹਤ ਤੇ ਸਿੱਖਿਆ ਨੂੰ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਦੱਸਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਰਾਜ ਦੇ ਲੋਕਾਂ ਨੂੰ ਸਿਹਤਯਾਬ ਰੱਖਣ ਲਈ ਜਿੱਥੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਬੂਟੇ ਲੁਆਏ ਹਨ, ਉਥੇ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤਹਿਤ ਰਾਜ ਦੀਆਂ ਸਾਰੀਆਂ ਸਰਕਾਰੀ ਡਿਸਪੈਂਸਰੀਆਂ ਤੇ ਹਸਪਤਾਲਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਲੋਕਾਂ ਨੂੰ ਵੱਧ ਚੜ ਕੇ ਪੁੱਜਣ ਦੀ ਅਪੀਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਸਾਨੂੰ ਇਹ ਸਮਾਗਮ ਸਿਆਸਤ ਤੋਂ ਉੱਪਰ ਉੱਠ ਕੇ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਨੂੰ ਮੁੱਖ ਰੱਖ ਕੇ ਮਨਾਉਣੇ ਚਾਹੀਦੇ ਹਨ।