ਬੰਗਾ, 29 ਸਤੰਬਰ

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਦਾ ਤਹੱਈਆ ਕੀਤਾ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਸਕੂਲ ਸਿਲੇਬਸ ਵਿੱਚ ਲੋੜੀਂਦਾ ਬਦਲਾਅ ਕਰਨ ਦਾ ਵੀ ਐਲਾਨ ਕੀਤਾ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਸਮਾਗਮ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਹਰਜਿੰਦਰ ਪਾਲ ਸਿੰਘ ਗਿੱਲ, ਬਲਦੇਵ ਸਿੰਘ ਨਸਰਾਲਾ, ਰਵਿੰਦਰ ਸਿੰਘ, ਗੁਰਜੀਤ ਸਿੰਘ ਤੇ ਹਰਭਜਨ ਸਿੰਘ ਢੱਟ ਨੂੰ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਭਗਤ ਸਿੰਘ ਜਿਹੀਆਂ ਨੇਕ ਰੂਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਸੇ ਕਰ ਕੇ ਸਕੂਲਾਂ ਦੇ ਸਿਲੇਬਸ ਵਿੱਚ ਢੁਕਵੀਂ ਤਬਦੀਲੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਉੱਤੇ ਚੱਲਦਿਆਂ ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ 36 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਨੂੰ ਝੋਨੇ ਦੇ ਅਗਾਮੀ ਸੀਜ਼ਨ ਲਈ 37 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀਸੀਐੱਲ) ‘ਪ੍ਰਾਪਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ 42 ਹਜ਼ਾਰ ਕਰੋੜ ਦੀ ਸੀਸੀਐੱਲ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਯਕੀਨੀ ਬਣਾਏਗੀ। ਮਾਨ ਨੇ ਕਿਹਾ ਕਿ ਉਨ੍ਹਾਂ ਉੱਤਰੀ ਜ਼ੋਨਲ ਕੌਂਸਲ ਦੀ ਹਾਲੀਆ ਮੀਟਿੰਗ ਦੌਰਾਨ ਐੱਸਵਾਈਐੱਲ, ਚੰਡੀਗੜ੍ਹ ਤੇ ਸੂਬੇ ਨਾਲ ਸਬੰਧਤ ਹੋਰ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਸ ਲਈ ਸਰਕਾਰ ਪਹਿਲਾਂ ਹੀ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਗੜ੍ਹਸ਼ੰਕਰ ਨੇੜੇ ਸ਼ਹੀਦ ਭਗਤ ਸਿੰਘ ਦੇ ਨਾਨਕੇ ਘਰ ਵਿੱਚ ਮੈਮੋਰੀਅਲ, ਲਾਇਬਰੇਰੀ ਅਤੇ ਹੋਰ ਯਾਦਗਾਰਾਂ ਦੇ ਨਿਰਮਾਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਮਿਊਜ਼ੀਅਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਚੱਲ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜੇਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ., ਡਾ. ਬਲਜੀਤ ਕੌਰ ਅਤੇ ਕੁਲਦੀਪ ਸਿੰਘ ਧਾਲੀਵਾਲ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਵੀ ਹਾਜ਼ਰ ਸਨ।