ਪਟਿਆਲਾ, 20 ਜਨਵਰੀ
ਪੰਜਾਬ ਦੇ ਉਦਯੋਗਿਕ ਪੱਖ ਤੋਂ ਪਛੜਨ ਲਈ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਨੂੰ ਜ਼ਿੰਮੇਵਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਆਖਿਆ ਕਿ ‘ਆਪ’ ਸਰਕਾਰ ਪੰਜਾਬ ਨੂੰ ਇੰਡਸਟਰੀ ਹੱਬ ਵਜੋਂ ਵਿਕਸਤ ਕਰੇਗੀ ਤਾਂ ਕਿ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਲਗਾਤਾਰ ਦੇਸ਼-ਵਿਦੇਸ਼ ਦੀਆਂ ਕੰਪਨੀਆਂ ਨਾਲ ਰਾਬਤਾ ਸਾਧ ਰਹੇ ਹਨ। ਜਾਣਕਾਰੀ ਅਨੁਸਾਰ 22 ਅਤੇ 23 ਫਰਵਰੀ ਨੂੰ ‘ਇਨਵੈਸਟ ਇਨ ਪੰਜਾਬ’ ਦੇ ਬੈਨਰ ਹੇਠਾਂ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।
ਅੱਜ ਪਟਿਆਲਾ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਜਿੱਥੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕਰਵਾਈਆਂ ਗਈਆਂ ਹਨ, ਉੱਥੇ ਹੀ ਸਰਕਾਰ ਆਪਣੇ ਵਾਅਦੇ ਮੁਤਾਬਿਕ ਕੱਚੇ ਮੁਲਾਜ਼ਮਾਂ ਨੂੰ ਵੀ ਪੱਕੇ ਕਰੇਗੀ।