ਚੰਡਗੜ੍ਹ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਵਿਭਾਗ ਨੇ ਸੋਸ਼ਲ ਮੀਡੀਆ ‘ਤੇ ਭਾਰਤ ਦੇ ਚੀਫ ਜਸਟਿਸ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਦੇ ਵਿਰੁੱਧ ਸਖ਼ਤ ਕਦਮ ਚੁੱਕਿਆ ਹੈ। ਵਿਭਾਗ ਨੇ 100 ਤੋਂ ਵੱਧ ਸੋਸ਼ਲ ਮੀਡੀਆ ਖਾਤਿਆਂ ਵਿਰੁੱਧ ਵੱਖ-ਵੱਖ ਜਿਲ੍ਹਿਆਂ ਵਿੱਚ ਮਾਮਲੇ ਦਰਜ ਕੀਤੇ ਹਨ। ਬੀਤੇ ਦਿਨ ਮੋਹਾਲੀ ਵਿੱਚ ਸਟੇਟ ਸਾਈਬਰ ਕ੍ਰਾਈਮ ਵਿਭਾਗ ਦੇ ਦਫ਼ਤਰ ਵਿੱਚ ਕਈ ਵਕੀਲਾਂ ਨੇ ਸਪੈਸ਼ਲ ਡੀਜੀਪੀ ਸਾਈਬਰ ਕ੍ਰਾਈਮ ਨਾਲ ਮੁਲਾਕਾਤ ਵੀ ਕੀਤੀ।

ਸੂਤਰਾਂ ਅਨੁਸਾਰ, ਸੋਸ਼ਲ ਮੀਡੀਆ ‘ਤੇ ਕੁਝ ਵਿਅਕਤੀਆਂ ਨੇ ਉੱਚ ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਵਿਰੁੱਧ ਅਪਮਾਨਜਨਕ ਟਿੱਪਣੀਆਂ, ਜਾਤੀ ਸੰਬੰਧੀ ਨਿੰਦਾਤਮਕ ਸਮੱਗਰੀ ਅਤੇ ਭੜਕਾਊ ਪੋਸਟਾਂ ਸਾਂਝੀਆਂ ਕੀਤੀਆਂ। ਇਨ੍ਹਾਂ ਪੋਸਟਾਂ ਅਤੇ ਵੀਡੀਓਜ਼ ਦਾ ਮਕਸਦ ਸਮਾਜ ਵਿੱਚ ਨਫ਼ਰਤ ਅਤੇ ਵਿਵਾਦ ਨੂੰ ਹਵਾ ਦੇਣਾ ਸੀ। ਇਸ ਨਾਲ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਖ਼ਤਰਾ ਪੈਦਾ ਹੋਇਆ ਅਤੇ ਨਿਆਂਇਕ ਪ੍ਰਣਾਲੀ ਦੀ ਸਾਖ ਨੂੰ ਠੇਸ ਪਹੁੰਚੀ। ਇਸ ਕਰਕੇ ਪੁਲਿਸ ਨੇ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਐਫਆਈਆਰ ਦਰਜ ਕੀਤੀਆਂ।

ਦਰਜ ਕੀਤੀਆਂ ਗਈਆਂ ਐਫਆਈਆਰ ਦੀਆਂ ਧਾਰਾਵਾਂ

ਪੁਲਿਸ ਬੁਲਾਰੇ ਮੁਤਾਬਕ, ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰ ਰੋਕਥਾਮ) ਐਕਟ, 1989 ਦੀਆਂ ਧਾਰਾਵਾਂ 3(1)(r), 3(1)(s), ਅਤੇ 3(1)(u), ਅਤੇ BNS ਦੀਆਂ ਧਾਰਾਵਾਂ 196, 352, 353(1), 353(2), ਅਤੇ 61 ਦੇ ਤਹਿਤ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਦਰਜ ਕੀਤੇ ਗਏ ਹਨ।