ਮਾਨਸਾ, 26 ਜੂਨ
ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਵੱਲੋਂ ਅੱਜ ਤੋਂ ਦੋ ਦਿਨਾਂ (27 ਅਤੇ 28 ਜੂਨ) ਲਈ ਹੜਤਾਲ ਆਰੰਭ ਕਰ ਦਿੱਤੀ ਗਈ ਹੈ।
ਪੰਜਾਬ ਰੋਡਵੇਜ਼,ਪਨਬਸ ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ਼ ਨੇ ਦੱਸਿਆ ਕਿ ਇਹ ਹੜਤਾਲ ਦੋ ਦਿਨਾਂ ਲਈ ਕੀਤੀ ਗਈ ਹੈ, ਜਿਸ ਦਾ ਬਕਾਇਦਾ ਪਹਿਲਾਂ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਸੀ ਪਰ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰਨ ਕਰਕੇ ਹੜਤਾਲ ਕਰਨੀ ਪੈ ਗਈ।
ਸਰਕਾਰ ਵੱਲੋਂ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਕੱਢਕੇ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਦਾ ਜਥੇਬੰਦੀ ਵੱਲੋਂ ਹੋਰ ਲਟਕਦੀਆਂ ਮੰਗਾਂ ਸਮੇਤ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਥੇਬੰਦੀ ਵੱਲੋਂ ਭਲਕੇ 28 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਮੁਕੰਮਲ ਘਿਰਾਓ ਵੀ ਕੀਤਾ ਜਾਵੇਗਾ। ਇਸ ਹੜਤਾਲ ਨਾਲ ਰਾਜ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਰਾਜ ਦੇ ਬਹੁਤ ਖੇਤਰਾਂ ਵਿੱਚ ਪ੍ਰਾਈਵੇਟ ਬੱਸਾਂ ਦੀ ਬਜਾਏ ਸਰਕਾਰੀ ਬੱਸਾਂ ਹੀ ਸੇਵਾ ਨਿਭਾਉਂਦੀਆਂ ਹਨ। ਸਭ ਤੋਂ ਵੱਧ ਪ੍ਰੇਸ਼ਾਨੀ ਔਰਤਾਂ ਨੂੰ ਹੋ ਰਹੀ ਹੈ , ਜਿਨ੍ਹਾਂ ਨੂੰ ਸਰਕਾਰੀ ਬੱਸਾਂ ਵਿੱਚ ਬਿਲਕੁਲ ਮੁਫ਼ਤ ਸਫ਼ਰ ਦੀ ਸੁਵਿਧਾ ਹੈ। ਇਸੇ ਦੌਰਾਨ ਹੀ ਪੀਆਰਟੀਸੀ ਡਿਪੂ ਦੇ ਜਨਰਲ ਮੈਨੇਜਰ ਨੇ ਦਾਅਵਾ ਕੀਤਾ ਹੈ ਕਿ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਕਾਰਪੋਰੇਸ਼ਨ ਵਲੋਂ ਬਹੁਤੇ ਰੂਟਾਂ ਉਤੇ ਬੱਸਾਂ ਨੂੰ ਚਲਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਵਾਰੀਆਂ ਨੂੰ ਖੱਜਲਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਬਕਾਇਦਾ ਬਦਲਵੇਂ ਬੰਦੋਬਸਤ ਕੀਤੇ ਗਏ ਹਨ।