ਅੰਮ੍ਰਿਤਸਰ, 27 ਅਪਰੈਲ
ਪੰਜਾਬ ਦੇ ਨਵੇਂ ਬਣੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅਹੁਦਾ ਸੰਭਾਲਣ ਉਪਰੰਤ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਆਖਿਆ ਕਿ ਸਰਕਾਰ ਜਲਦੀ ਹੀ ਨਵੀਂ ਖੇਡ ਨੀਤੀ ਬਣਾਏਗੀ, ਜਿਸ ਵਿੱਚ ਸੂਬੇ ਦੀ ਅਹਿਮ ਖੇਡ ਹਾਕੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਹ ਅੱਜ ਇੱਥੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ।
ਉਪਰੰਤ ਸਰਕਟ ਹਾਊਸ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸੋਢੀ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਹਾਕੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਦੇਸ਼ ਦੀ ਹਾਕੀ ਟੀਮ ਵਿੱਚ ਪੰਜਾਬ ਦੇ 9 ਖਿਡਾਰੀ ਹੁੰਦੇ ਸਨ ਪਰ ਅੱਜ ਪੰਜਾਬ ਹਾਕੀ ਵਿੱਚ ਪੱਛੜ ਗਿਆ ਹੈ। ਸਰਕਾਰ ਵੱਲੋਂ ਇਸ ਤਰ੍ਹਾਂ ਦੀ ਖੇਡ ਨੀਤੀ ਬਣਾਈ ਜਾਵੇਗੀ, ਜਿਸ ਨਾਲ ਹਾਕੀ ਨੂੰ ਉਪਰ ਚੁੱਕਿਆ ਜਾ ਸਕੇ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਕਬੱਡੀ ਨੂੰ ਵੀ ਸਰਕਾਰ ਵਲੋਂ ਮਾਨਤਾ ਬਰਕਰਾਰ ਰੱਖੀ ਜਾਵੇਗੀ। ਇਸ ਦੌਰਾਨ ਪਿਛਲੀ ਸਰਕਾਰ ਵੱਲੋਂ ਹਰ ਵਰ੍ਹੇ ਕਰਾਏ ਜਾਂਦੇ ਕਬੱਡੀ ਮੁਕਾਬਲਿਆਂ ਨੂੰ ਰੱਦ ਕਰਨ ਬਾਰੇ ਉਨ੍ਹਾਂ ਆਖਿਆ ਕਿ ਇਹ ਮੁਕਾਬਲੇ ਵਧੇਰੇ ਸਿਆਸੀ ਲਾਹਾ ਲੈਣ ਦੇ ਮੰਤਵ ਨਾਲ ਕਰਵਾਏ ਜਾਂਦੇ ਸਨ।
ਖੇਡ ਮੰਤਰੀ ਨੇ ਦੱਸਿਆ ਕਿ ਸਕੂਲਾਂ ਵਿੱਚ ਪੀਟੀ ਅਧਿਆਪਕਾਂ ਦੀ ਜਲਦੀ ਭਰਤੀ ਕੀਤੀ ਜਾਵੇਗੀ ਅਤੇ ਖੇਡ ਪੀਰੀਅਡ ਵੀ ਸ਼ੁਰੂ ਕੀਤੇ ਜਾਣਗੇ। ਅੰਮ੍ਰਿਤਸਰ ਦੇ ਕ੍ਰਿਕਟ ਸਟੇਡੀਅਮ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜਲਦ ਹੀ ਇਸ ਖੇਡ ਸਟੇਡੀਅਮ ਦਾ ਦੌਰਾ ਕਰਨਗੇ ਅਤੇ ਊਣਤਾਈਆਂ ਨੂੰ ਦੂਰ ਕਰਕੇ ਇਸ ਮੈਦਾਨ ਨੂੰ ਆਈਪੀਐੱਲ ਦੇ ਮੈਚਾਂ ਲਈ ਵਰਤੇ ਜਾਣ ਯੋਗ ਬਣਾਉਣਗੇ।
ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਉਹ ਬਾਅਦ ਵਿੱਚ ਜਲ੍ਹਿਆਂਵਾਲਾ ਬਾਗ ਵੀ ਗਏ। ਸਰਕਟ ਹਾਊਸ ਵਿੱਚ ਪੁਲੀਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।