ਚੰਡੀਗੜ੍ਹ, 19 ਜੂਨ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਸੋਧ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ’ਚ ਮੁਹੱਈਆ ਕਰਵਾਏ ਜਾ ਸਕਣਗੇ। ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਉਪਰੰਤ ਦੱਸਿਆ ਕਿ ਭਲਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਬਿੱਲ ਲਿਆਂਦਾ ਜਾਵੇਗਾ, ਜਿਸ ਨੂੰ ਵਿਚਾਰ-ਚਰਚਾ ਉਪਰੰਤ ਪਾਸ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਵਜ਼ਾਰਤ ਨੇ ‘ਸਿੱਖ ਗੁਰਦੁਆਰਾ ਐਕਟ-1925’ ਵਿੱਚ ਸੋਧ ਅਤੇ ਇਸ ਵਿੱਚ ਧਾਰਾ 125-ਏ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਮੁਫ਼ਤ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੋਧ ਦਾ ਮਕਸਦ ਸਮੁੱਚੀ ਮਾਨਵਤਾ ਤੱਕ ਬਿਨਾਂ ਕਿਸੇ ਅਦਾਇਗੀ ਤੋਂ ਗੁਰਬਾਣੀ ਕੀਰਤਨ ਪਹੁੰਚਾਉਣਾ ਹੈ ਤਾਂ ਜੋ ਲੋਕ ਗੁਰਬਾਣੀ ਸਰਵਣ ਕਰਨ ਅਤੇ ਗੁਰਬਾਣੀ ਦਾ ਲਾਈਵ ਪ੍ਰਸਾਰਨ ਦੇਖ ਸਕਣ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਲਗਾਈ ਜਾਵੇਗੀ। ਇਸ ਤਰ੍ਹਾਂ ਗੁਰਬਾਣੀ ਦਾ ਵਪਾਰੀਕਰਨ ਨਹੀਂ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਐਕਟ ਵਿਚ ਸੋਧ ਸਿੱਖ ਗੁਰਦੁਆਰਾ (ਸੋਧ) ਐਕਟ-2023 ਦੇ ਨਾਮ ਹੇਠ ਹੋਵੇਗੀ, ਜੋ ਸਰਕਾਰੀ ਗਜ਼ਟ ’ਚ ਪ੍ਰਕਾਸ਼ਿਤ ਹੋਣ ਦੀ ਤਰੀਕ ਤੋਂ ਲਾਗੂ ਹੋਵੇਗੀ। ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਧਾਰਾ-125 ਤੋਂ ਬਾਅਦ ਸਿੱਖ ਗੁਰਦੁਆਰਾ ਐਕਟ-1925 ’ਚ ਧਾਰਾ-125-ਏ ਵੀ ਦਰਜ ਕੀਤੀ ਜਾਵੇਗੀ। ਇਸ ਐਕਟ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਡਿਊਟੀ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਨ ਆਡੀਓ-ਵੀਡੀਓ ਰੂਪ ’ਚ ਚਾਹਵਾਨ ਮੀਡੀਆ ਘਰਾਣਿਆਂ ਨੂੰ ਮੁਹੱਈਆ ਕਰਵਾਉਣ ਦੀ ਹੋਵੇਗੀ। ਇਸ ਐਕਟ ਅਨੁਸਾਰ ਗੁਰਬਾਣੀ ਪ੍ਰਸਾਰਨ ਤੋਂ ਅੱਧਾ ਘੰਟਾ ਪਹਿਲਾਂ ਤੇ ਬਾਅਦ ’ਚ ਵਪਾਰਕ ਇਸ਼ਤਿਹਾਰ ਚਲਾਉਣ ’ਤੇ ਪਾਬੰਦੀ ਰਹੇਗੀ।
ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਲਾਏ ਦੋਸ਼ ਕਿ ਸੂਬਾ ਸਰਕਾਰ ਨੂੰ 1925 ਦੇ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ, ਬਾਰੇ ਕਿਹਾ ਕਿ ਸੁਪਰੀਮ ਕੋਰਟ ਨੇ ਆਪਣੇ 2014 ਦੇ ਫੈਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ ਇਹ ਅੰਤਰ-ਰਾਜੀ ਐਕਟ ਨਹੀਂ ਹੈ, ਸਗੋਂ ਇੱਕ ਰਾਜ ਐਕਟ ਹੈ। ਸਿੱਖ ਗੁਰਦੁਆਰਾ ਐਕਟ 1925 ’ਚ ਗੁਰਬਾਣੀ ਦੇ ਪ੍ਰਸਾਰਨ ਜਾਂ ਸਿੱਧੇ ਪ੍ਰਸਾਰਨ ਬਾਰੇ ਕੋਈ ਸ਼ਬਦ ਨਹੀਂ ਹੈ। ਸਾਲ 2012 ਵਿੱਚ ਬਾਦਲ ਪਰਿਵਾਰ ਦੀ ਮਲਕੀਅਤ ਵਾਲੇ ਟੀਵੀ ਚੈਨਲ ਨੂੰ 11 ਸਾਲ ਤੱਕ ਗੁਰਬਾਣੀ ਦੇ ਪ੍ਰਸਾਰਨ ਦੇ ਵਿਸ਼ੇਸ਼ ਅਧਿਕਾਰ ਦੇਣ ਲਈ ਇਸ ਦੀ ਦੁਰਵਰਤੋਂ ਕੀਤੀ ਗਈ ਸੀ। ਨਤੀਜੇ ਵਜੋਂ, ਸਿੱਖਾਂ ਨੂੰ ਇਸ ਚੈਨਲ ਨੂੰ ਸਬਸਕਰਾਈਬ ਕਰਨਾ ਪੈਂਦਾ ਹੈ, ਜੋ ਕਿ ਮਹਿੰਗਾ ਹੈ ਕਿਉਂਕਿ ਇਹ ਤਿੰਨ ਤੋਂ ਚਾਰ ਹੋਰ ਚੈਨਲਾਂ ਨਾਲ ਜੁੜਿਆ ਹੋਇਆ ਹੈ। ਇਹ ਮੁਫਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਪ੍ਰਸਾਰਨ ਲਈ ਹੁਣ ਟੈਂਡਰ ਜਾਰੀ ਕਰਨ ਦਾ ਦਾਅਵਾ ਕਰ ਰਹੀ ਹੈ, ਪਰ ਬਾਦਲ ਪਰਿਵਾਰ ਨੂੰ ਟੈਂਡਰ ਰਾਹੀਂ ਮੁੜ ਵਿਸ਼ੇਸ਼ ਅਧਿਕਾਰ ਮਿਲ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰਬਾਣੀ ਪ੍ਰਸਾਰਨ ’ਤੇ ਇਕੋ ਪਰਿਵਾਰ ਦਾ ਕਬਜ਼ਾ ਰਿਹਾ ਹੈ, ਪਰ ਹੁਣ ਸਿੱਖ ਗੁਰਦੁਆਰਾ ਐਕਟ ’ਚ ਸੋਧ ਤੋਂ ਬਾਅਦ ਗੁਰਬਾਣੀ ਦੇ ਪ੍ਰਸਾਰਨ ਨੂੰ ਸਾਰਿਆਂ ਲਈ ਮੁਫ਼ਤ ਕੀਤਾ ਜਾਵੇਗਾ।