ਲਖਨਊ, 20 ਸਤੰਬਰ
ਪੰਜਾਬ ਵਿਚ ਦਲਿਤ ਭਾਈਚਾਰੇ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਅੱਜ ਇਸ ਨੂੰ ਚੋਣ ਸਟੰਟ ਕਰਾਰ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਹੋਣ ਕਰ ਕੇ ਕਾਂਗਰਸ ਕਾਫੀ ਘਬਰਾਈ ਹੋਈ ਹੈ, ਇਸ ਵਾਸਤੇ ਉਸ ਨੇ ਅਜਿਹਾ ਕੀਤਾ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਪੰਜਾਬ ਵਿਚ ਦਲਿਤ ਭਾਈਚਾਰੇ ਦੇ ਵਿਅਕਤੀ ਨੂੰ ਮੁੱਖ ਮੰਤਰੀ ਬਣਾਉਣਾ ਚੋਣ ਸਟੰਟ ਹੈ, ਇਸ ਤੋਂ ਬਿਨਾ ਕੁਝ ਨਹੀਂ ਹੈ।’’ ਉਨ੍ਹਾਂ ਕਿਹਾ, ‘‘ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਕਾਂਗਰਸ ਵੱਲੋਂ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਗੈਰ-ਦਲਿਤ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ, ਜਿਸ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਪਾਰਟੀ ਦਾ ਹੁਣ ਤੱਕ ਦਲਿਤਾਂ ’ਤੇ ਪੂਰਾ ਭਰੋਸਾ ਨਹੀਂ ਹੋ ਸਕਿਆ ਹੈ ਪਰ ਇਨ੍ਹਾਂ ਦੇ ਇਸ ਦੋਹਰੇ ਚਰਿੱਤਰ ਤੇ ਚਿਹਰੇ ਤੋਂ ਉੱਥੋਂ ਦੇ ਦਲਿਤ ਵਰਗ ਦੇ ਲੋਕਾਂ ਨੂੰ ਸਾਵਧਾਨ ਰਹਿਣਾ ਹੈ।’’