ਚੰਡੀਗੜ੍ਹ, 12 ਜਨਵਰੀ
ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹਾ ਕਰਨ ਨਾਲ ਪਾਰਟੀ ਨੂੰ ਚੋਣਾਂ ਵਿਚ ਫ਼ਾਇਦਾ ਹੋ ਸਕਦਾ ਹੈ। ਚੰਨੀ ਦਾ ਇਹ ਬਿਆਨ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਵਿਰੋਧੀ ਦਲਾਂ ਨੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਸ ਕੋਲ ਮੁੱਖ ਮੰਤਰੀ ਦੇ ਅਹੁਦੇ ਲਈ ਕਈ ਉਮੀਦਵਾਰ ਹਨ ਜਿਨ੍ਹਾਂ ਵਿਚ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਆਗੂ ਸੁਨੀਲ ਜਾਖੜ ਵੀ ਸ਼ਾਮਲ ਹਨ।
ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੇ ਵੀ ਅੱਜ ਕਿਹਾ ਹੈ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਹ ‘ਆਪ’ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅਗਲੇ ਹਫ਼ਤੇ ਕਰਨਗੇ।
14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਦੇ ਐਲਾਨ ਸਬੰਧੀ ਸਵਾਲ ਦੇ ਜਵਾਬ ਵਿਚ ਸ੍ਰੀ ਚੰਨੀ ਨੇ ਕਿਹਾ ਕਿ ਫ਼ੈਸਲਾ ਪਾਰਟੀ ਨੂੰ ਕਰਨਾ ਹੈ। ਇਹ ਪੁੱਛਣ ’ਤੇ ਕਿ ਕੀ ਕਾਂਗਰਸ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਚੰਨੀ ਨੇ ਕਿਹਾ, ‘‘ਪਿਛਲੀ ਵਾਰ ਜਦੋਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਸੀ ਤਾਂ ਅਸੀਂ ਜਿੱਤੇ ਸਨ ਅਤੇ ਉਸ ਤੋਂ ਪਹਿਲਾਂ ਜਦੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਨਹੀਂ ਹੋਇਆ ਸੀ ਤਾਂ ਅਸੀਂ ਹਾਰੇ ਅਤੇ ਉਸ ਤੋਂ ਵੀ ਪਹਿਲਾਂ ਜਦੋਂ ਉਨ੍ਹਾਂ ਐਲਾਨ ਕੀਤਾ ਸੀ ਤਾਂ ਅਸੀਂ ਜਿੱਤੇ ਸਨ ਅਤੇ ਜਦੋਂ ਵੀ ਹਾਈਕਮਾਨ ਨੇ ਮੁੱਖ ਮੰਤਰੀ ਦੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਤਾਂ ਅਸੀਂ ਹਾਰੇ।’’
ਇਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਚੰਨੀ ਨੇ ਕਿਹਾ, ‘‘ਇਸ ਵਾਰ ਪਾਰਟੀ ਹਾਈਕਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਾ ਚਾਹੀਦਾ ਹੈ। ਸਿੱਧੂ ਵੀ ਇਹੀ ਕਹਿ ਰਹੇ ਹਨ ਕਿ ਪਾਰਟੀ ਨੂੰ ਐਲਾਨ ਕਰਨਾ ਚਾਹੀਦਾ ਹੈ।’’ ਇਸ ਦੌਰਾਨ ਚੰਨੀ ਨੇ ਦਾਅਵਾ ਕੀਤਾ ਕਿ ਕਾਂਗਰਸ ਇਕਪਾਸੜ ਜਿੱਤ ਹਾਸਲ ਕਰੇਗੀ।