ਬਠਿੰਡਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕੇਂਦਰ ਤੋਂ ਮੰਗ ਕੀਤੀ ਕਿ ਮਹਾਰਾਸ਼ਟਰ ਦੀ ਤਰਜ਼ ’ਤੇ ਪੰਜਾਬ ਦੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਲਈ ਵੀ ਵਿਸ਼ੇਸ਼ ਪੈਕੇਜ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਰਮਾ ਪੱਟੀ ਦੀ ਕਿਸਾਨੀ ਵੀ ਮਹਾਰਾਸ਼ਟਰ ਦੇ ਵਿਦਰਭ ਖ਼ਿੱਤੇ ਵਾਂਗ ਮੰਦਹਾਲੀ ਦੇ ਦੌਰ ’ਚੋਂ ਗੁਜ਼ਰ ਰਹੀ ਹੈ। ਇਸ ਲਈ ਪੰਜਾਬ ਵੀ ਇਸ ਰਾਹਤ ਪੈਕੇਜ ਦਾ ਹੱਕਦਾਰ ਹੈ।
ਵਿੱਤ ਮੰਤਰੀ ਅੱਜ ਇੱਥੇ ਜ਼ਿਲ੍ਹਾ ਬਠਿੰਡਾ ਦੇ 7,213 ਕਿਸਾਨਾਂ ਨੂੰ 29.16 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇਣ ਸਬੰਧੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਸਨ। ਵਿੱਤ ਮੰਤਰੀ ਨੇ ਕਿਹਾ ਕਿ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀ ਰਿਪੋਰਟ ਨੂੰ ਆਉਂਦੇ ਸੈਸ਼ਨ ਵਿੱਚ ਵਿਚਾਰਿਆ ਜਾਵੇਗਾ। ਸ੍ਰੀ ਬਾਦਲ ਨੇ ਆਖਿਆ ਕਿ ਪੰਜਾਬ ਸਰਕਾਰ 10.25 ਲੱਖ ਕਿਸਾਨਾਂ ਦੇ 10 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਮਾਮਲੇ ਸਤੰਬਰ ਮਹੀਨੇ ਤੱਕ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 4,250 ਕਰੋੜ ਰੁਪਏ ਚਾਲੂ ਮਾਲੀ ਵਰ੍ਹੇ ਦੇ ਬਜਟ ਵਿੱਚ ਰੱਖੇ ਹਨ ਅਤੇ ਬਾਕੀ ਰਕਮ ਦਾ ਪ੍ਰਬੰਧ ਵੀ ਵੱਖ-ਵੱਖ ਸਰੋਤਾਂ ਤੋਂ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ, ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਮੋਹਨ ਲਾਲ ਝੂੰਬਾ, ਕਾਂਗਰਸ ਨੇਤਾ ਰਾਜਨ ਗਰਗ, ਹਰਵਿੰਦਰ ਸਿੰਘ ਲਾਡੀ, ਟਹਿਲ ਸਿੰਘ ਸੰਧੂ, ਕੇ.ਕੇ. ਅਗਰਵਾਲ, ਪਵਨ ਮਾਨੀ, ਵਿੱਤ ਮੰਤਰੀ ਦੇ ਮੀਡੀਆ ਸਲਾਹਕਾਰ ਹਰਜੋਤ ਸਿੰਘ ਸਿੱਧੂ, ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਜਗਦੀਪ ਸਿੰਘ ਸਿੱਧੂ ਤੇ ਡਿਪਟੀ ਰਜਿਸਟਰਾਰ ਬਲਵਿੰਦਰ ਸਿੰਘ ਹਾਜ਼ਰ ਸਨ।