ਫਿਰੋਜ਼ਪੁਰ 21 ਜੁਲਾਈ 2020: ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਸਥਾਪਨਾ ਇਤਿਹਾਸਿਕ ਫੈਸਲਾ ਹੈ ਅਤੇ ਦੇਸ ਦੀ ਪਹਿਲੀ ਇਸ ਖੇਡ ਯੂਨੀਵਰਸਿਟੀ ਵਿੱਚੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਭਵਿੱਖ ਵਿੱਚ ਨੌਕਰੀਆਂ ਅਤੇ ਸਵੈ ਰੁਜ਼ਗਾਰ ਲਈ ਵੱਡੇ ਮੌਕੇ ਪ੍ਰਾਪਤ ਹੋਣਗੇ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੀ ਰਿਹਾਇਸ਼ ਫਿਰੋਜ਼ਪੁਰ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਖੇਡ ਯੂਨੀਵਰਸਿਟੀ ਦੀ ਸਥਾਪਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਹੋਈ ਹੈ ਅਤੇ ਇਸ ਯੂਨੀਵਰਸਿਟੀ ਵਿੱਚ ਅੰਡਰ ਗ੍ਰੈਜੂਏਟ ਗ੍ਰੈਜੂਏਟ ਕੋਰਸਾਂ ਵਿੱਚ ਰਜਿਸਟ੍ਰੇਸ਼ਨ 20 ਜੁਲਾਈ ਤੋਂ ਸ਼ੁਰੂ ਹੋ ਚੁੱਕੀ ਹੈ।

    ਉਨ੍ਹਾਂ ਦੱਸਿਆ ਕਿ ਇਸ ਯੂਨੀਵਰਸਿਟੀ ਦੀ ਸਥਾਪਨਾ ਦਾ ਮਕਸਦ ਰਾਜ ਵਿੱਚ ਖੇਡ ਸੱਭਿਅਤਾ ਨੂੰ ਸੁਰਜੀਤ ਕਰਨ ਅਤੇ ਨੌਜਵਾਨਾਂ ਨੁੰ ਖੇਡ ਵਿਗਿਆਨ ਅਤੇ ਖੇਡਾਂ ਜਿਹੇ ਵਿਸ਼ਿਆਂ ਵਿੱਚ ਪ੍ਰਪੱਕ ਕਰਨ ਸਬੰਧੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਲੈਫਟੀਨੈੱਟ ਜਨਰਲ (ਸੇਵਾ ਮੁਕਤ ) ਜੇ.ਐੱਸ.ਚੀਮਾ ਦੀ ਅਗਵਾਈ ਵਿੱਚ ਸਾਲ 2020, 21 ਲਈ ਜਿਨ੍ਹਾਂ ਤਿੰਨ ਅੰਡਰ ਗ੍ਰੈਜੂਏਟ ਕੋਰਸਾਂ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ, ਉਨ੍ਹਾਂ ਵਿੱਚ ਬੈਚੂਲਰ ਆਫ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ (ਬੀ.ਪੀ.ਈ.ਐੱਸ), ਬੀ.ਐੱਸ.ਸੀ (ਸਪੋਰਟਸ ਸਾਇੰਸ), ਬੀ.ਐੱਸ.ਸੀ (ਸਪੋਰਟਸ ਨਿਊਟ੍ਰੀਸ਼ਨ ਐਂਡ ਡਾਇਟੈਟਿਕਸ) ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਵਿੱਚ ਸਿੱਖਿਆ ਪ੍ਰਦਾਨ ਕਰਨ ਵਾਲੇ ਵਿਦਿਆਰਥੀਆਂ ਲਈ ਭਵਿੱਖ ਵਿੱਚ ਸਰਕਾਰੀ ਗੈਰ ਸਰਕਾਰੀ ਅਤੇ ਆਪਣੇ ਰੁਜ਼ਗਾਰ ਸ਼ੁਰੂ ਕਰਨ ਲਈ ਵੱਡੇ ਮੌਕੇ ਪ੍ਰਦਾਨ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਕੋਰਸਾਂ ਵਿੱਚ ਰਜਿਸਟ੍ਰੇਸ਼ਨ ਵਾਸਤੇ ਚਾਹਵਾਨ ਵਿਦਿਆਰਥੀ 20 ਅਗਸਤ 2020 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਯੂਨੀਵਰਸਿਟੀ ਦੀ ਵੈਬਸਾਈਟ mbspsu.pgsgcpe.com ਤੇ 20 ਜੁਲਾਈ ਤੋਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।

    ਇਸ ਉਪਰੰਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਲਕਾ ਗੁਰੂਹਰਸਹਾਏ ਨਾਲ ਸਬੰਧਿਤ ਲੋਕਾ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੁੰ ਆਦੇਸ਼ ਦਿੱਤੀ। ਸ੍ਰੀ. ਰਾਣਾ ਸੋਢੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਤੇ ਸਾਵਧਾਨੀਆਂ ਨੂੰ ਅਪਣਾਉਣ ਅਤੇ ਹਰ ਸਮੇਂ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ ਅਤੇ ਲੋੜ ਤੋਂ ਬਿਨਾਂ ਘਰ ਤੋਂ ਬਾਹਰ ਨਾ ਨਿਕਲਣ।  ਉਨ੍ਹਾਂ ਇਹ ਵੀ ਦੁਹਰਾਇਆ ਕਿ ਹਲਕਾ ਗੁਰੂਹਰਸਹਾਏ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਗੁਰੂਹਰਸਹਾਏ ਨੂੰ ਵਿਕਾਸ ਪੱਖੋਂ ਨਮੂਨੇ ਦਾ ਸੂਬਾ ਬਣਾਇਆ ਜਾਵੇਗਾ।

    ਇਸ ਮੌਕੇ ਗੁਰਦੀਪ ਸਿੰਘ ਢਿੱਲੋ, ਅਮ੍ਰਿਤਪਾਲ ਸਿੰਘ, ਵਿੱਕੀ ਢਿੱਲੋਂ, ਅੰਗਰੇਜ਼ ਸਿੰਘ ਸਮੇਤ ਕਾਂਗਰਸੀ ਵਰਕਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।