ਚੰਡੀਗੜ੍ਹ: ਪੰਜਾਬ ਦੇ ਰਾਜਪੁਰਾ ਵਿੱਚ ਇੱਕ ਫਾਰਚੂਨਰ ਕਾਰ ਵਿੱਚੋਂ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਜਿਸ ਤੋਂ ਬਾਅਦ ਨੇੜਲੇ ਪਿੰਡਾਂ ਵਿੱਚ ਹੜਕੰਪ ਮਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਦੀ ਮੌਤ ਗੋਲੀਆਂ ਲੱਗਣ ਕਾਰਨ ਹੋਈ ਹੈ। ਜਦੋਂ ਚੰਗੇੜਾ ਪਿੰਡ ਦੇ ਲੋਕਾਂ ਨੇ ਸਵੇਰੇ ਇਹ ਦੇਖਿਆ ਤਾਂ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਮੌਕੇ ‘ਤੇ ਪਹੁੰਚਣ ਤੋਂ ਬਾਅਦ ਪੁਲਿਸ ਨੇ ਪਹਿਲਾਂ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਉੱਥੋਂ ਭੀੜ ਨੂੰ ਹਟਾ ਦਿੱਤਾ। ਮ੍ਰਿਤਕਾਂ ਦੀ ਪਛਾਣ ਸੰਦੀਪ ਸਿੰਘ (45), ਉਨ੍ਹਾਂ ਦੀ ਪਤਨੀ ਮਨਦੀਪ ਕੌਰ (42) ਅਤੇ ਪੁੱਤਰ ਅਭੈ (15) ਵਜੋਂ ਹੋਈ ਹੈ।ਉਹ ਮੋਹਾਲੀ ਦੇ ਰਹਿਣ ਵਾਲੇ ਸਨ। ਤਿੰਨਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸ਼ੱਕ ਹੈ ਕਿ ਤਿੰਨਾਂ ਨੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਸੰਦੀਪ ਸਿੰਘ ਕੋਲੋਂ ਇੱਕ ਪਿਸਤੌਲ ਬਰਾਮਦ ਹੋਈ ਹੈ ਅਤੇ ਤਿੰਨਾਂ ਲਾਸ਼ਾਂ ‘ਤੇ ਗੋਲੀਆਂ ਦੇ ਨਿਸ਼ਾਨ ਹਨ। ਇਹ ਸੰਭਵ ਹੈ ਕਿ ਸੰਦੀਪ ਸਿੰਘ ਨੇ ਪਹਿਲਾਂ ਆਪਣੀ ਪਤਨੀ ਮਨਦੀਪ ਅਤੇ ਫਿਰ ਆਪਣੇ ਪੁੱਤਰ ਅਭੈ ਨੂੰ ਗੋਲੀ ਮਾਰੀ ਅਤੇ ਫਿਰ ਖੁਦਕੁਸ਼ੀ ਕਰ ਲਈ।

ਪੁਲਿਸ ਅਧਿਕਾਰੀ ਨੇ ਅੱਗੇ ਕਿਹਾ ਕਿ ਪਰਿਵਾਰ ਮੂਲ ਰੂਪ ਵਿੱਚ ਬਠਿੰਡਾ ਦਾ ਰਹਿਣ ਵਾਲਾ ਸੀ। ਉਹ ਲੰਬੇ ਸਮੇਂ ਤੱਕ ਗੁਰੂਗ੍ਰਾਮ ਵਿੱਚ ਰਹੇ ਅਤੇ ਫਿਰ ਮੋਹਾਲੀ ਦੀ ਏਮਾਰ ਸੋਸਾਇਟੀ ਵਿੱਚ ਸ਼ਿਫਟ ਹੋ ਗਏ। ਜਿੱਥੇ ਉਹ ਪ੍ਰਾਪਰਟੀ ਡੀਲਿੰਗ ਕਰਦਾ ਸੀ ਅਤੇ ਪਰਿਵਾਰ ਆਰਥਿਕ ਤੌਰ ‘ਤੇ ਵੀ ਮਜ਼ਬੂਤ ​​ਸੀ। ਉਸ ਨੇ ਖੁਦਕੁਸ਼ੀ ਕਿਉਂ ਕੀਤੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਡੀਐਸਪੀ ਰਾਜਪੁਰਾ ਮਨਜੀਤ ਸਿੰਘ ਅਤੇ ਥਾਣਾ ਬਨੂੜ ਦੇ ਮੁਖੀ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਇਹ ਖ਼ੁਦਕਸ਼ੀ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਕਾਰਨਾਂ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰ ਦੇ ਮੈਂਬਰਾਂ ਦੇ ਆਉਣ ਮਗਰੋਂ ਸੋਮਵਾਰ ਨੂੰ ਪੋਸਟ ਮਾਰਟਮ ਕਰਾਇਆ ਜਾਵੇਗਾ।

ਮੌਕੇ ’ਤੇ ਪਹੁੰਚੇ ਮ੍ਰਿਤਕ ਦੇ ਇੱਕ ਰਿਸ਼ਤੇਦਾਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਅਤੇ ਉਸ ਦਾ ਪਰਿਵਾਰ ਕਿਸਾਨ ਪਰਿਵਾਰ ਨਾਲ ਸਬੰਧਿਤ ਹਨ ਅਤੇ ਉਹ ਪ੍ਰਾਪਰਟੀ ਦਾ ਵੀ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਹਫ਼ਤਾ ਕੁ ਪਹਿਲਾਂ ਹੀ ਉਨ੍ਹਾਂ ਦੀ ਉਸ ਨਾਲ ਗੱਲ ਹੋਈ ਸੀ। ਮ੍ਰਿਤਕ ਦਾ ਇੱਕ ਭਰਾ ਆਪਣੇ ਪਿੰਡ ਰਹਿੰਦਾ ਹੈ, ਜਦੋਂ ਕਿ ਉਸ ਦੀ ਭੈਣ ਵਿਦੇਸ਼ ਵਿਚ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿਚ ਆਂਢੀ ਗਵਾਂਢੀ ਵੀ ਮੌਕੇ ਤੇ ਪਹੁੰਚ ਗਏ।