ਚੰਡੀਗੜ੍ਹ: ਪੰਜਾਬ ਵਿੱਚ ਸੰਘਣੀ ਧੁੰਦ ਨੇ ਜਨ ਜੀਵਨ ਅਤੇ ਸੜਕੀ ਆਵਾਜਾਈ ਨੂੰ ਪ੍ਰਭਾਵਿਤ ਕੀਤਾ ਹੈ। ਆਦਮਪੁਰ ਅਤੇ ਐਸਬੀਐਸ ਨਗਰ ਵਿੱਚ ਵਿਜ਼ੀਬਿਲਟੀ ਸਿਰਫ਼ 10 ਮੀਟਰ, ਬਠਿੰਡਾ ਵਿੱਚ 50 ਮੀਟਰ ਤੋਂ ਘੱਟ ਅਤੇ ਹਲਵਾਰਾ ਵਿੱਚ 100 ਮੀਟਰ ਰਹਿ ਗਈ। ਪੰਜਾਬ ਦਾ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਰਿਹਾ, ਜਿਸ ਨਾਲ ਬਠਿੰਡਾ ਸਭ ਤੋਂ ਠੰਡਾ ਸ਼ਹਿਰ ਬਣ ਗਿਆ ਹੈ।ਇਸ ਦੇ ਨਾਲ ਹੀ ਸੂਬੇ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.9 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਬੁੱਧਵਾਰ ਨੂੰ ਵੀ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅਗਲੇ ਪੰਜ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 7.7 ਡਿਗਰੀ, ਲੁਧਿਆਣਾ ਅਤੇ ਪਟਿਆਲਾ ਵਿੱਚ 8.6 ਡਿਗਰੀ, ਫਰੀਦਕੋਟ ਵਿੱਚ 6.0 ਡਿਗਰੀ, ਐਸਬੀਐਸ ਨਗਰ ਵਿੱਚ 8.4 ਡਿਗਰੀ, ਫਿਰੋਜ਼ਪੁਰ ਵਿੱਚ 4.1 ਡਿਗਰੀ, ਹੁਸ਼ਿਆਰਪੁਰ ਵਿੱਚ 8.4 ਡਿਗਰੀ ਅਤੇ ਰੂਪਨਗਰ ਵਿੱਚ 11.1 ਡਿਗਰੀ ਦਰਜ ਕੀਤਾ ਗਿਆ।
ਮਾਨਸਾ ਵਿੱਚ ਵੱਧ ਤੋਂ ਵੱਧ ਤਾਪਮਾਨ 22.4 ਡਿਗਰੀ, ਬਠਿੰਡਾ ਵਿੱਚ 22.2 ਡਿਗਰੀ, ਫਿਰੋਜ਼ਪੁਰ ਵਿੱਚ 21.7 ਡਿਗਰੀ, ਪਟਿਆਲਾ ਵਿੱਚ 21.2 ਡਿਗਰੀ, ਅੰਮ੍ਰਿਤਸਰ ਵਿੱਚ 20.9 ਡਿਗਰੀ ਅਤੇ ਲੁਧਿਆਣਾ ਵਿੱਚ 20.8 ਡਿਗਰੀ ਦਰਜ ਕੀਤਾ ਗਿਆ ਹੈ। ਸੰਘਣੀ ਧੁੰਦ ਸੜਕ ਸੁਰੱਖਿਆ ਲਈ ਚੁਣੌਤੀ ਬਣਦੀ ਜਾ ਰਹੀ ਹੈ, ਜਦੋਂ ਕਿ ਕਿਸਾਨਾਂ ਅਤੇ ਆਮ ਲੋਕਾਂ ਨੂੰ ਵੀ ਠੰਡ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
