ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਆਪਣੇ ਕੈਬਨਿਟ ਦਾ ਵਿਸਥਾਰ ਕੀਤਾ ਹੈ, ਜੋ ਕਿ ਪਿਛਲੇ 3 ਸਾਲਾਂ ਵਿੱਚ ਸੱਤਵਾਂ ਵਿਸਥਾਰ ਹੈ। ਇਸ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਉਦਯੋਗ ਅਤੇ ਐਨਆਰਆਈ (NRI) ਵਿਭਾਗ ਦਿੱਤਾ ਗਿਆ ਹੈ। ਦੂਜੇ ਪਾਸੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਐਨਆਰਆਈ ਵਿਭਾਗ ਵਾਪਸ ਲੈ ਲਿਆ ਗਿਆ ਹੈ।
ਇਸ ਤੋਂ ਇਲਾਵਾ, ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ‘ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ। ਉਨ੍ਹਾਂ ਨੇ ਸੰਜੀਵ ਅਰੋੜਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਪੰਜਾਬ ਦੇ 3 ਕਰੋੜ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰਨਗੇ।
ਸੰਜੀਵ ਅਰੋੜਾ ਨੂੰ ਐਨਆਰਆਈ ਵਿਭਾਗ ਅਤੇ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਜੀ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ 3 ਕਰੋੜ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰਨਗੇ।’